ਜਲਾਲਾਬਾਦ : ਜਲਾਲਾਬਾਦ ਵਿਚ ਨਿੱਜੀ ਸਕੂਲ ਦੀ ਵੈਨ ਤੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਸਕੂਲ ਵੈਨ ਵਿਚ ਸਵਾਰ ਹੋ ਕੇ ਘਰ ਆ ਰਿਹਾ ਸੀ। ਰਾਹ ਵਿਚ ਵੈਨ ਦਾ ਦਰਵਾਜ਼ਾ ਖੁੱਲ੍ਹਣ ਨਾਲ ਬੱਚਾ ਅਚਾਨਕ ਹੇਠਾਂ ਡਿੱਗ ਗਿਆ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਸ ਨੂੰ ਨਿੱਜੀ ਹਸਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ 3 ਸਾਲਾ ਬੱਚਾ ਜਲਾਲਾਬਾਦ ਦੇ ਨਿਜੀ ਸਕੂਲ ਵਿਚ ਪੜ੍ਹਦਾ ਸੀ। ਵੈਨ ਚਾਲਕ ਉਸ ਨੂੰ ਸਕੂਲ ਤੋਂ ਘਰ ਛੱਡਣ ਲਈ ਜਾ ਰਿਹਾ ਸੀ। ਰਾਹ ਵਿਚ ਉਸ ਨੇ ਬੱਚਿਆਂ ਨੂੰ ਉਤਾਰਿਆ ਤੇ ਵੈਨ ਚਾਲਕ ਨੇ ਵੈਨ ਦਾ ਦਰਵਾਜ਼ਾ ਸਹੀ ਤਰ੍ਹਾਂ ਬੰਦ ਨਹੀਂ ਕੀਤਾ। ਰਾਹ ਵਿਚ ਮੋੜ ਆਉਣ ‘ਤੇ ਵੈਨ ਦਾ ਦਰਵਾਜ਼ਾ ਅਚਾਨਕ ਖੁੱਲ੍ਹ ਗਿਆ ਤੇ ਉਨ੍ਹਾਂ ਦਾ ਬੱਚਾ ਬਾਹਰ ਡਿੱਗ ਗਿਆ। ਵੈਨ ਦਾ ਟਾਇਰ ਉਸ ਦੇ ਉੱਪਰੋਂ ਗੁਜ਼ਰ ਗਿਆ। ਬੱਚੇ ਨੂੰ ਤੁਰੰਤ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਵੈਨ ਚਾਲਕ ਫ਼ਰਾਰ ਹੈ। ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਮੌਕੇ ‘ਤੇ ਮੌਜੂਦ ਪੁਲਸ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ ਤਾਣੇ ਵਿਚ ਸੂਚਨਾ ਦਿੱਤੀ ਗਈ ਸੀ ਕਿ ਸਕੂਲ ਵੈਨ ਤੋਂ ਡਿੱਗਣ ਨਾਲ ਪ੍ਰਭਜੋਤ ਨਾਂ ਦੇ ਬੱਚੇ ਦੀ ਮੌਤ ਹੋ ਗਈ ਹੈ, ਇਸ ਮਾਮਲੇ ਵਿਚ ਕਾਰਵਾਈ ਕਰਨ ਲਈ ਉਹ ਮੌਕੇ ‘ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਜਾ ਰਿਹਾ ਹੈ।