ਫਤਿਹਾਬਾਦ ’ਚ ਚੋਣ ਪ੍ਰਚਾਰ ਦੌਰਾਨ ‘ਆਪ’ ਆਗੂ ਬਲਜਿੰਦਰ ਕੌਰ ਨੇ ਹਰਿਆਣਾ ਦੇ ਲੋਕਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਵਿਧਾਇਕਾ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਿਨਾਂ ਕਿਸੇ ਕਸੂਰ ਦੇ ਜੇਲ੍ਹ ਭੇਜਣ ਦਾ ਦੋਸ਼ ਲਗਾਇਆ।
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਚੋਣ ਪ੍ਰਚਾਰ ’ਚ ਜ਼ੋਰਾਂ-ਸ਼ੋਰਾਂ ਦੇ ਨਾਲ ਲੱਗੀ ਹੋਈ ਹੈ। ਇਸੇ ਤਰ੍ਹਾਂ ਚੋਣ ਪ੍ਰਚਾਰ ਲਈ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਨੇ ਫਤਿਹਾਬਾਦ ’ਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਦਰਅਸਲ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਸ ਰੈਲ੍ਹੀ ਨੂੰ ਸੰਬੋਧਨ ਕਰਨਾ ਸੀ, ਪਰ ਕਿਸੇ ਕੰਮ ਕਾਰਨ ਉਹ ਆ ਨਹੀਂ ਸਕੇ। ਇਸ ਦੌਰਾਨ ਰੈਲ੍ਹੀ ਨੂੰ ਸੰਬੋਧਨ ਕਰਦੇ ਹੋਏ ਤਲਵੰਡੀ ਸਾਬੋ ਸੀਟ ਤੋਂ ਦੋ ਵਾਰ ਦੇ ਵਿਧਾਇਕਾ ਬਲਜਿੰਦਰ ਕੌਰ ਨੇ ਲੋਕਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਪੰਜਾਬ ਦੀ ਵਿਧਾਇਕਾ ਨੇ ਕਿਹਾ ਕਿ ਹਰਿਆਣਾ ਵਿੱਚ ਤੁਸੀਂ ਸਿਰਫ਼ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਚੁਣੀਆਂ ਹਨ। ਪਰ ਇਸ ਵਾਰ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦਿਓ। ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਕਰਦੀ ਹੈ। ਹਰਿਆਣਾ ਲਈ ‘ਆਪ’ ਪਾਰਟੀ ਦੀਆਂ ਗਾਰੰਟੀਆਂ ਦਾ ਐਲਾਨ ਕਰਦੇ ਹੋਏ ਵਿਧਾਇਕਾ ਨੇ ਕਿਹਾ ਕਿ ਜੇਕਰ ਹਰਿਆਣਾ ਵਿਚ ‘ਆਪ’ ਦੀ ਸਰਕਾਰ ਆਉਂਦੀ ਹੈ ਤਾਂ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ ਅਤੇ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਹਰਿਆਣਾ ’ਚ ਚੰਗੇ ਸਕੂਲ ਬਣਾਏ ਜਾਣਗੇ ਅਤੇ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ।
ਇਸ ਦੇ ਨਾਲ ਹੀ ਬਲਜਿੰਦਰ ਕੌਰ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆ ਹੋਇਆ ਕਿਹਾ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਿਨਾਂ ਕਿਸੇ ਕਸੂਰ ਦੇ ਜੇਲ੍ਹ ਭੇਜਿਆ ਗਿਆ ਹੈ। ਨਾਲ ਹੀ ਜਨ ਸਭਾ ਨੂੰ ਸਵਾਲ ਖੜੇ ਕਰਦੇ ਹੋਏ ਵਿਧਾਇਕਾ ਨੇ ਕਿਹਾ ਕਿ ਕੀ ਤੁਸੀਂ ਜਾਣਦੇ ਹੋ ਕਿ ਅਰਵਿੰਦ ਕੇਜਰੀਵਾਲ ਜੀ ਨੂੰ ਜੇਲ੍ਹ ਕਿਉਂ ਭੇਜਿਆ ਗਿਆ ਸੀ? ਇਹ ਸਿਰਫ ਇਸ ਲਈ ਕੀਤਾ ਗਿਆ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਪਰੇਸ਼ਾਨ ਮਹਿਸੂਸ ਕਰ ਰਹੀ ਸੀ।