ਚੰਡੀਗੜ੍ਹ : ਪੰਜਾਬ ‘ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਭਖ ਗਈ ਹੈ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ‘ਚ ਪੰਜਾਬ ਭਾਜਪਾ ਦੇ ਦਫ਼ਤਰ ਬਾਹਰ ਪਾਰਟੀ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਇਸ ਪ੍ਰਦਰਸ਼ਨ ਦੀ ਅਗਵਾਈ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ. ਟੀ. ਓ. ਅਤੇ ਤਰਨਪ੍ਰੀਤ ਸਿੰਘ ਸੌਂਧ ਵਲੋਂ ਕੀਤੀ ਗਈ। ਜਦੋਂ ‘ਆਪ’ ਵਰਕਰਾਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਹੋਏ ਸਨ।
ਜਦੋਂ ਫਿਰ ਵੀ ਵਰਕਰ ਨਾ ਰੁਕੇ ਤਾਂ ਉਨ੍ਹਾਂ ‘ਤੇ ਪੁਲਸ ਨੇ ਪਾਣੀ ਦੀਆਂ ਵਾਛੜਾਂ ਕਰ ਦਿੱਤੀਆਂ। ਇਸ ਤੋਂ ਬਾਅਦ ਹਰਭਜਨ ਸਿੰਘ ਈ. ਟੀ. ਓ. ਅਤੇ ਹੋਰ ਆਗੂਆਂ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ। ਇਸ ਦੌਰਾਨ ਹੋਈ ਧੱਕਾ-ਮੁੱਕੀ ‘ਚ ਮੰਤਰੀ ਹਰਜੋਤ ਸਿੰਘ ਬੈਂਸ ਦੀ ਪੱਗੜੀ ਤੱਕ ਵੀ ਉਤਰ ਗਈ।