ਦੇਸ਼ ’ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਆਉਣਗੇ। ਜਿਕਰਯੋਗ ਹੈ ਕਿ ਤਿਹਾੜ ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ’ਚ ਇਹ ਕੇਜਰੀਵਾਲ ਦੀ ਪਹਿਲੀ ਫੇਰੀ ਹੋਵੇਗੀ। ਕੱਲ ਕੇਜਰੀਵਾਲ ਅੰਮ੍ਰਿਤਸਰ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਦਾ ਆਗਾਜ਼ ਕਰਨਗੇ। ਇਸ ਤੋਂ ਪਹਿਲਾਂ ਉਹ ਦਰਬਾਰ ਸਾਹਿਬ, ਅੰਮ੍ਰਿਤਸਰ ਨਤਮਸਤਕ ਹੋਣਗੇ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਲੈ ਕੇ ਚੋਣ ਪ੍ਰਚਾਰ ਸ਼ੁਰੂ ਕਰਨਗੇ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਦਿੱਲੀ ’ਚ 7 ‘ਚੋਂ 4 ਲੋਕ ਸਭਾ ਸੀਟਾਂ ‘ਤੇ ਚੋਣ ਲੜ ਰਹੀ ਹੈ, ਜਦੋਕਿ ਕਾਂਗਰਸ ਦੇ ਉਮੀਦਵਾਰ ਤਿੰਨ ਸੀਟਾਂ ‘ਤੇ ਚੋਣ ਲੜ ਰਹੇ ਹਨ। ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਕੋਈ ਸਹਿਮਤੀ ਨਹੀਂ ਬਣੀ ਹੈ। ਇਸੇ ਲਈ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦੌਰੇ ’ਤੇ ਆਉਣਗੇ ਅਤੇ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ। ਜਾਣਕਾਰੀ ਮੁਤਾਬਕ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਰੋਡ ਸ਼ੋਅ ਵਿੱਚ ਵਿਸ਼ੇਸ਼ ਤੋਰ ’ਤੇ ਸ਼ਿਰਕਤ ਕਰਨਗੇ ਤੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।