ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਸ ਬਿਆਨ ‘ਤੇ ਜਵਾਬੀ ਹਮਲਾ ਕੀਤਾ ਹੈ, ਜਿਸ ‘ਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ 1 ਜੂਨ ਤੋਂ ਬਾਅਦ ਡਿੱਗ ਜਾਵੇਗੀ।
ਬੁੱਧਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ‘ਚ ‘ਆਪ’ ਆਗੂ ਅਤੇ ਬੁਲਾਰਾ ਨੀਲ ਗਰਗ ਨੇ ਕਿਹਾ ਕਿ 1 ਜੂਨ ਤੋਂ ਬਾਅਦ ਭਗਵੰਤ ਮਾਨ ਦੀ ਸਰਕਾਰ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤੀ ਨਾਲ ਪੰਜਾਬ ਦੀ ਭਲਾਈ ਲਈ ਕੰਮ ਕਰੇਗੀ, ਪਰੰਤੂ ਚਰਨਜੀਤ ਸਿੰਘ ਚੰਨੀ ਨੂੰ ਯਕੀਨ ਨਹੀਂ ਹੈ ਕਿ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਚਿਹਰਾ ਚਮਤਕਾਰ ਕਰ ਸਕੇਗਾ।
ਨੀਲ ਗਰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਆਪਣੇ ਸਿਆਸੀ ਸਫ਼ਰ ਦੇ ਅੰਤ ਵਿਚ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਪਹਿਲਾਂ ਹੀ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਸੀ। ਲੋਕਾਂ ਨੇ ਉਨ੍ਹਾਂ ਦੇ (ਚਰਨਜੀਤ ਚੰਨੀ) ਭਤੀਜੇ ਕੋਲੋਂ ਈਡੀ ਵੱਲੋਂ ਬਰਾਮਦ ਕੀਤੀ ਨਕਦੀ ਦਾ ਢੇਰ ਵੀ ਦੇਖਿਆ ਹੈ, ਇਸ ਲਈ ਉਸ ਦਾ ਭ੍ਰਿਸ਼ਟਾਚਾਰ ਕਿਸੇ ਤੋਂ ਲੁਕਿਆ ਨਹੀਂ ਹੈ।
‘ਆਪ’ ਆਗੂ ਨੇ ਕਿਹਾ ਕਿ ਚਰਨਜੀਤ ਚੰਨੀ ਪੰਜਾਬ ਅਤੇ ਜਲੰਧਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹਨ। ਉਨ੍ਹਾਂ ਕੋਲ ਲੋਕਾਂ ਨੂੰ ਕਹਿਣ ਲਈ ਕੁਝ ਵੀ ਨਹੀਂ ਹੈ। ਉਨ੍ਹਾਂ ਦੀ ਸਰਕਾਰ (ਕਾਂਗਰਸ ਸਰਕਾਰ) ਦੌਰਾਨ ਹੋਏ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਦਾ ਕੋਈ ਸਪੱਸ਼ਟੀਕਰਨ ਨਹੀਂ ਹੈ। ਇਸ ਲਈ ਉਹ ਕੁਝ ਕੁ ਵੋਟਾਂ ਪੱਕੀਆਂ ਕਰਨ ਲਈ ਇਹ ਸਭ ਕੁਝ ਕਹਿ ਰਿਹਾ ਹਨ। ਨੀਲ ਗਰਗ ਨੇ ਕਿਹਾ ਕਿ ਉਹ (ਆਪ ਵਿਧਾਇਕ) ਕ੍ਰਾਂਤੀਕਾਰੀ ਆਗੂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਨ ਅਤੇ ਓਪਰੇਸ਼ਨ ਲੋਟਸ ਵੀ ਉਨ੍ਹਾਂ ਨੂੰ ਕਿਸੇ ਵੀ ਗਲਤ ਦਿਸ਼ਾ ਵਿੱਚ ਲੈ ਕੇ ਜਾਣ ਵਿੱਚ ਅਸਫਲ ਹੀ ਸਾਬਿਤ ਰਿਹਾ ਹੈ।
ਨੀਲ ਗਰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਸਭ ਤੋਂ ਵੱਡਾ ਫ਼ਤਵਾ ਦਿੱਤਾ ਹੈ ਅਤੇ ਅਸੀਂ ਲੋਕਾਂ ਦੇ ਫ਼ੈਸਲੇ ਦਾ ਪੂਰਾ ਸਤਿਕਾਰ ਕਰਦੇ ਹਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 13 ਦੀਆਂ 13 ਸੀਟਾਂ ਜ਼ਰੂਰ 1 ਜੂਨ ਨੂੰ ਜਿੱਤ ਜਾਵੇਗਾ, ਪਰੰਤੂ ਆਉਣ ਵਾਲੇ ਸਮੇਂ ‘ਚ ਚਰਨਜੀਤ ਚੰਨੀ ਜ਼ਰੂਰ ਜੇਲ੍ਹ ਜਾਣਗੇ, ਕਿਉਂਕਿ ਉਨ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਦਾ ਪਰਦਾਫਾਸ਼ ਹੋਵੇਗਾ।