ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ’ਚ ਨਸ਼ਿਆਂ ਦੇ ਛੇਵੇਂ ਦਰਿਆ ’ਤੇ ਠੱਲ ਪਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਮਹਿਕਮਿਆਂ ਨੂੰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਪਰ ਜੇਕਰ ਨਸ਼ਿਆਂ ਤੋ ਪੰਜਾਬ ਦੀ ਰਾਖੀ ਕਰ ਰਹੀ ਵਾੜ ਹੀ ਖੇਤ ਨੂੰ ਖਾਣ ਲੱਗ ਜਾਵੇ ਤਾਂ ਉਸਦੀ ਰਾਖੀ ਕੌਣ ਕਰੇਗਾ। ਇਸ ਦੀ ਤਾਜ਼ਾ ਉਦਾਹਰਣ ਫਰੀਦਕੋਟ ਜ਼ਿਲ੍ਹੇ ’ਚ ਦੇਖਣ ਨੂੰ ਮਿਲੀ, ਜਦੋਂ ਮੁਹਾਲੀ ਐੱਸਟੀਐੱਫ ਨੇ ਪੁਲਿਸ ਲਾਈਨ ’ਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਅੱਧਾ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਲਿਆ।
ਫੜੇ ਗਏ ਮੁਲਜ਼ਮ ਦੀ ਪਹਿਚਾਣ ਗੁਰਪ੍ਰੀਤ ਸਿੰਘ ਵੱਜੋਂ ਹੋਈ ਹੈ ਜੋ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ’ਚ ਤੈਨਾਤ ਸੀ ਤੇ ਕੁੱਝ ਸਮਾਂ ਪਹਿਲਾਂ ਹੀ ਬਹਾਲ ਹੋਇਆ ਸੀ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਦੇ ਨਾਲ ਉਸ ਦੀ ਇੱਕ ਮਹਿਲਾ ਸਾਥੀ ਨਵਕਿਰਨ ਕੌਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਸੰਬੰਧੀ ਜਾਣਕਾਰੀ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ’ਚ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ, ਜਿਸਦੀ ਭਾਲ ਕੀਤੀ ਜਾ ਰਹੀ ਹੈ।