ਅੰਮ੍ਰਿਤਸਰ –ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਲੰਗਰ ਹਾਲ ਵਿਚ ਲੰਗਰ ਬਣਾਉਣ ਦੀ ਸੇਵਾ ਕਰ ਰਹੇ ਸੇਵਾਦਾਰਾਂ ਤੇ ਸੰਗਤ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਧੀਆ ਉਪਰਾਲਾ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੰਗਰ ਪਕਾਉਣ ਵਾਲੇ ਕੜਾਹਿਆਂ ਦੇ ਉੱਪਰ ਜੰਗਲੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਉੱਪਰ ਜਾਲੀਆਂ ਵੀ ਲਗਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਲੰਗਰ ਹਾਲ ਵਿਖੇ ਸੇਵਾ ਕਰਨ ਵਾਲੇ ਸੇਵਾਦਾਰਾਂ ਅਤੇ ਸ਼ਰਧਾਲੂਆਂ ਲਈ ਇੱਕ ਸੇਫਟੀ ਬੈਲਟ ਵੀ ਤਿਆਰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਨੁੱਖੀ ਜਾਨਾਂ ਬਹੁਤ ਕੀਮਤੀ ਹਨ ਤੇ ਇਨ੍ਹਾਂ ਜਾਨਾਂ ਨੂੰ ਬਚਾਉਣ ਲਈ ਇਹ ਫੈਸਲਾ ਕੀਤਾ ਗਿਆ ਹੈ।
ਸਕੱਤਰ ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ‘ਚ ਇਸ ਸਬੰਧੀ ਮਤਾ ਪਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਆਲੂ ਉਬਾਲਦੇ ਸਮੇਂ ਕੜਾਹੇ ‘ਚ ਡਿੱਗਣ ਨਾਲ ਸੇਵਾਦਾਰ ਬਲਬੀਰ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਸੀ ਇੱਕ ਹਫ਼ਤਾ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ ਗੁਰਦਾਸਪੁਰ ਦੇ ਧਾਰੀਵਾਲ ਦਾ 50 ਸਾਲਾ ਬਲਬੀਰ ਸਿੰਘ ਜਿੰਦਗੀ ਦੀ ਲੜਾਈ ਹਾਰ ਗਿਆ ਸੀ।