ਅਹਿਮਦਾਬਾਦ : ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਿੱਚ 270 ਲੋਕਾਂ ਦੀ ਜਾਨ ਜਾਣ ਤੋਂ ਇੱਕ ਹਫ਼ਤੇ ਬਾਅਦ ਹੁਣ ਤੱਕ ਡੀਐੱਨਏ ਮੈਚਿੰਗ ਰਾਹੀਂ ਘੱਟੋ-ਘੱਟ 211 ਮ੍ਰਿਤਕਾਂ ਦੀ ਪਛਾਣ ਕੀਤੀ ਗਈ ਹੈ ਅਤੇ 189 ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਗੱਲ ਦੀ ਜਾਣਕਾਰੀ ਇੱਕ ਅਧਿਕਾਰੀ ਵਲੋਂ ਵੀਰਵਾਰ ਨੂੰ ਦਿੱਤੀ ਗਈ ਹੈ। ਲੰਡਨ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ AI-171, ਕੁੱਲ 242 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਲੈ ਕੇ 12 ਜੂਨ ਨੂੰ ਅਹਿਮਦਾਬਾਦ ਦੇ ਇੱਕ ਮੈਡੀਕਲ ਕਾਲਜ ਕੈਂਪਸ ਵਿੱਚ ਹਾਦਸਾਗ੍ਰਸਤ ਹੋ ਗਈ।
ਇਸ ਹਾਦਸੇ ਵਿਚ ਇੱਕ ਵਿਅਕਤੀ ਨੂੰ ਛੱਡ ਕੇ ਜਹਾਜ਼ ਵਿਚ ਸਵਾਰ ਸਾਰੇ ਯਾਤਰੀਆਂ ਦੀ ਮੌਤ ਹੋ ਗਈ ਸੀ ਅਤੇ ਜ਼ਮੀਨ ‘ਤੇ ਮੌਜੂਦ 29 ਹੋਰ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀ ਮ੍ਰਿਤਕਾਂ ਦੀ ਪਛਾਣ ਕਰਨ ਲਈ ਡੀਐੱਨਏ ਟੈਸਟ ਕਰਵਾ ਰਹੇ ਹਨ, ਕਿਉਂਕਿ ਸਾਰੀਆਂ ਲਾਸ਼ਾਂ ਇੰਨੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਸਨ ਕਿ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਅਹਿਮਦਾਬਾਦ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਾਕੇਸ਼ ਜੋਸ਼ੀ ਨੇ ਪੱਤਰਕਾਰਾਂ ਨੂੰ ਦੱਸਿਆ, “ਵੀਰਵਾਰ ਸਵੇਰ ਤੱਕ 211 ਡੀਐਨਏ ਨਮੂਨੇ ਮਿਲਾਏ ਗਏ ਹਨ ਅਤੇ 189 ਲਾਸ਼ਾਂ ਸਬੰਧਤ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।” ਜੋਸ਼ੀ ਨੇ ਕਿਹਾ ਕਿ ਸੌਂਪੀਆਂ ਗਈਆਂ 189 ਲਾਸ਼ਾਂ ਵਿੱਚ 142 ਭਾਰਤੀ, 32 ਬ੍ਰਿਟਿਸ਼ ਨਾਗਰਿਕ, ਸੱਤ ਪੁਰਤਗਾਲੀ ਨਾਗਰਿਕ ਅਤੇ ਇੱਕ ਕੈਨੇਡੀਅਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ‘ਤੇ ਮਰਨ ਵਾਲੇ ਸੱਤ ਲੋਕਾਂ ਦੀਆਂ ਲਾਸ਼ਾਂ ਵੀ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।