ਸ੍ਰੀ ਅਨੰਦਪੁਰ ਸਾਹਿਬ -ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲੇ ਮੁਹੱਲੇ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਿਸ਼ਾਲ ਅਕਾਲੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਕਾਨਫ਼ਰੰਸ ਦੌਰਾਨ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਮਸਲਿਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕੁੱਲ 10 ਅਹਿਮ ਮਤੇ ਪੇਸ਼ ਕਰਕੇ ਪ੍ਰਵਾਨ ਕੀਤੇ ਗਏ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਭਾਈ ਮਨਜੀਤ ਸਿੰਘ, ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ 1947 ਤੋਂ ਸਿੱਖਾਂ ਨਾਲ ਹੋ ਰਹੇ ਧੱਕਿਆਂ ਦੇ ਇਨਸਾਫ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਰੌਸ਼ਨੀ ’ਚ ਡੱਟ ਕੇ ਪਹਿਰੇਦਾਰੀ ਕੀਤੀ ਜਾਵੇਗੀ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕੀਤਾ ਜਾਵੇਗਾ।
ਇਕੱਠ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਲੰਮੇ ਸਮੇਂ ਤੋਂ ਨਾ ਹੋਣ ’ਤੇ ਚਿੰਤਾ ਜਤਾਉਂਦਿਆਂ ਜਲਦੀ ਚੋਣਾਂ ਕਰਵਾਉਣ ਲਈ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿਚ ਬੇਨਿਯਮੀਆਂ ਅਤੇ ਘਪਲੇਬਾਜ਼ੀਆਂ ਦੇ ਦੋਸ਼ ਲਗਾਉਂਦਿਆਂ ਪਾਰਦਰਸ਼ਤਾ ਦੀ ਮੰਗ ਕੀਤੀ ਗਈ। ਪੰਜਾਬ ਦੀ ਕਾਨੂੰਨ-ਵਿਵਸਥਾ ਸਥਿਤੀ, ਵੱਧ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਕਥਿਤ ਝੂਠੇ ਪੁਲਸ ਮੁਕਾਬਲਿਆਂ ਦੇ ਮਾਮਲਿਆਂ ’ਤੇ ਵੀ ਗੰਭੀਰ ਚਰਚਾ ਕੀਤੀ ਗਈ। ਕੇਂਦਰੀ ਏਜੰਸੀਆਂ ਰਾਹੀਂ ਜਾਂਚ ਦੀ ਮੰਗ ਕਰਦਿਆਂ ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਵਫ਼ਦ ਭੇਜਣ ਦਾ ਫ਼ੈਸਲਾ ਕੀਤਾ ਗਿਆ।

