ਫਾਜ਼ਿਲਕਾ ਪਹਾੜੀ ਖੇਤਰਾਂ ’ਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ’ਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪ੍ਰਕੋਪ ਵੱਧ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਠੰਡ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਪੰਜਾਬ ਦੇ 11 ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜਿਸ ’ਚ ਫਾਜ਼ਿਲਕਾ ਜ਼ਿਲ੍ਹਾ ਵੀ ਸ਼ਾਮਲ ਹੈ। ਫਾਜ਼ਿਲਕਾ ਦਾ ਪਿਛਲੇ ਦੋ ਦਿਨਾਂ ਦਾ ਰਾਤ ਦਾ ਤਾਪਮਾਨ ਵੀ ਕਾਫੀ ਘਟ ਦਰਜ ਕੀਤਾ ਗਿਆ ਹੈ। ਇਸ ਮੌਸਮ ’ਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ। ਇਹ ਜਾਣਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ. ਲਹਿੰਬਰ ਰਾਮ ਨੇ ਦਿੱਤੀ।
ਉਨ੍ਹਾਂ ਅਪੀਲ ਕੀਤੀ ਕਿ ਸੀਤ ਲਹਿਰ ਨਾਲ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਦੋਪਹੀਆ ਵਾਹਨ ਦੀ ਵਰਤੋਂ ਘੱਟ ਕੀਤੀ ਜਾਵੇ। ਛੋਟੇ ਬੱਚਿਆਂ ਨੂੰ ਇਸ ਮੌਸਮ ’ਚ ਨਿਮੋਨੀਆ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ।