ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਪਹੁੰਚੇ ਜਿੱਥੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਗਏ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇੱਥੇ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸ਼ਹੀਦ ਊਧਮ ਸਿੰਘ ਦੇ ਇਤਿਹਾਸ ’ਤੇ ਚਾਨਣਾ ਪਾਇਆ ਅਤੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ। ਇਸੇ ਕਰਕੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾ ਕੇ ਅੱਗੇ ਵਧ ਰਹੀ ਹੈ।
ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਯਾਦ ਕੀਤਾ ਕਿ ਉਹ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਬਚਪਨ ਵਿੱਚ ਆਪਣੇ ਪਿਤਾ ਨਾਲ ਇੱਥੇ ਹਰ ਸਾਲ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਉਂਦੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦੇ ਇਸ ਮਿੱਠੇ ਫ਼ਲ ਨੂੰ ਮਾਣ ਰਹੇ ਹਨ। ਸ਼ਹੀਦ ਊਧਮ ਸਿੰਘ ਆਜ਼ਾਦੀ ਸੰਘਰਸ਼ ਦਾ ਇੱਕ ਮਹਾਨ ਯੋਧਾ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਉਹ ਲਗਾਤਾਰ ਕੈਕਸਟਨ ਹਾਲ ਜਾਂਦੇ ਰਹੇ ਹਨ, ਜਿੱਥੇ ਸ਼ਹੀਦ ਊਧਮ ਸਿੰਘ ਨੇ ਲੱਖਾਂ ਭਾਰਤੀਆਂ ਦੀ ਤਰਫ਼ੋਂ ਬਦਲਾ ਲਿਆ ਸੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਗਰਾਮ ਦੌਰਾਨ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ’ਚ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਦੀ ਉਡੀਕ ਕੀਤੀ ਅਤੇ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਰਕਾਰ ਵੱਲੋਂ ਸੂਬੇ ਲਈ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਇਹ ਰਿਕਾਰਡ ਹੈ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਲਗਭਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਦੇ ਖਾਸ ਕਰਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਭਗ 2300 ਕਰੋੜ ਰੁਪਏ ਖਰਚ ਕਰੇਗੀ, ਜਿਸ ਨਾਲ ਸੂਬੇ ਦੀ ਤਕਰੀਬਨ ਦੋ ਲੱਖ ਏਕੜ ਉਪਜਾਊ ਜ਼ਮੀਨ ਦੀ ਸਿੰਚਾਈ ਦੀ ਜ਼ਰੂਰਤ ਨੂੰ ਪੂਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਸੰਬੋਧਨ ਦੌਰਾਨ ਪਿਛਲੀਆਂ ਸਰਕਾਰਾਂ ‘ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਂ ‘ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਬਾਰੇ ਨਹੀਂ ਸੋਚਿਆ। ਅਕਾਲੀ ਆਗੂ ਆਮ ਆਦਮੀ ਦੀ ਕਿਸਮਤ ਬਦਲਣ ਵਾਲੇ ਅਜਿਹੇ ਪ੍ਰਾਜੈਕਟਾਂ ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਇਨ੍ਹਾਂ ਆਗੂਆਂ ਨੇ ਕਦੇ ਵੀ ਵਾਤਾਵਰਨ ਦੇ ਪ੍ਰਦੂਸ਼ਣ ਪ੍ਰਤੀ ਕੋਈ ਚਿੰਤਾ ਨਹੀਂ ਪ੍ਰਗਟ ਕੀਤੀ ਕਿਉਂਕਿ ਦਰੱਖਤਾਂ, ਨਦੀਆਂ ਅਤੇ ਨਹਿਰਾਂ ਦੀ ਵੋਟ ਨਹੀਂ ਹੁੰਦੀ। ਸੂਬਾ ਸਰਕਾਰ ਇਨ੍ਹਾਂ ਸਰੋਤਾਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।