ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਖੇਤੀ ਨਾਲ ਸੰਬੰਧਤ ਮਸ਼ੀਨਾਂ ’ਤੇ ਸਬਸਿਡੀ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (SMAM) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਪੰਜਾਬ ਸਰਕਾਰ ਵੱਲੋਂ 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ।
ਦਰਅਸਲ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ ‘ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ। ਇਸ ਦੇ ਨਾਲ ਹੀ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ ਜਾਂ ਇਸ ਸੰਬੰਧੀ ਪੋਰਟਲ agrimachinerypb.com ਉਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ।