ਸੂਬੇ ’ਚ ਨਸ਼ਿਆਂ ਵਿਰੁੱਧ ਕਾਰਵਾਈ ਲਈ ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸ਼ਨ ਨੂੰ ਸਖ਼ਤ ਹਦਾਇਤਾਂ ਕੀਤੀਆਂ ਹਨ। ਇੰਨ੍ਹਾਂ ਹਦਾਇਤਾਂ ’ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ’ਚ ਇੱਕ ਹੋਰ ਗਿਰੋਹ ਨੂੰ ਕਾਬੂ ਕੀਤਾ ਹੈ, ਜੋ ਸਰਹੱਦ ਪਾਰੋਂ ਨਸ਼ਾ ਮੰਗਵਾ ਕੇ ਵੱਖ-ਵੱਖ ਥਾਵਾਂ ’ਤੇ ਸਪਲਾਈ ਕਰਦਾ ਸੀ। ਦਰਅਸਲ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿੰਨ੍ਹਾਂ ਦੇ ਕਬਜ਼ੇ ’ਚੋਂ ਆਈਸ ਡਰੱਗ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਦਿੱਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿੰਨ੍ਹਾਂ ਕੋਲੋ 1 ਕਿਲੋ ਆਈ.ਸੀ.ਈ.(ਮੇਥਾਮਫੇਟਾਮਾਈਨ), 2.45 ਕਿਲੋਗ੍ਰਾਮ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿੱਚ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਵੱਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਖੁਲਾਸੇ ਕੀਤੇ ਜਾ ਸਕਣ।