ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕੂੜਾ ਇਕੱਠਾ ਕਰਨ ਵਾਲੀ ਗੱਡੀ ਵਿਚੋਂ ਸ੍ਰੀ ਗੁਟਕਾ ਸਾਹਿਬ ਅਤੇ ਹੋਰ ਪਵਿੱਤਰ ਗ੍ਰੰਥਾਂ ਦੇ ਅੰਗ ਮਿਲੇ ਹਨ। ਇਸ ਘਟਨਾ ਤੋਂ ਬਾਅਦ ਸਿੱਖ ਸੰਗਠਨਾਂ ਅਤੇ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਹ ਘਟਨਾ ਅੰਮ੍ਰਿਤਸਰ ਸ਼ਹਿਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਵਾਪਰੀ ਹੈ। ਕੂੜੇ ਵਾਲੀ ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਕੂੜਾ ਇਕੱਠਾ ਕਰਦੇ ਸਮੇਂ ਉਸ ਨੇ ਪਵਿੱਤਰ ਗ੍ਰੰਥਾਂ ਦੇ ਪੰਨੇ ਦੇਖੇ, ਜਿਸ ਤੋਂ ਬਾਅਦ ਉਸਨੇ ਉਨ੍ਹਾਂ ਨੂੰ ਰਣਜੀਤ ਐਵੇਨਿਊ ਦੇ ਡੀ-ਬਲਾਕ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਸਾਹਿਬ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਆਲ ਇੰਡੀਆ ਸਿੱਖ ਸਤਿਕਾਰ ਕਮੇਟੀ ਅਤੇ ਹੋਰ ਸਿੱਖ ਸੰਗਠਨਾਂ ਨੇ ਰਣਜੀਤ ਐਵੇਨਿਊ ਪੁਲਸ ਸਟੇਸ਼ਨ ਦੇ ਬਾਹਰ ਵਿਰੋਧ ਦਰਜ ਕੀਤਾ ਅਤੇ ਇਸਨੂੰ ਗੁਰੂ ਦੀ ਸ਼ਾਨ ਦਾ ਸਿੱਧਾ ਨਿਰਾਦਰ ਕਰਾਰ ਦਿੱਤਾ। ਸਿੱਖ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੂਬੇ ਭਰ ਵਿਚ ਪ੍ਰਦਰਸ਼ਨ ਕਰਨਗੇ।