ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਅੱਜ ਪਰੇਡ ਗਰਾਊਂਡ ਵਿਖੇ ਰੀਜਨਲ ਐਨਰਜੀ ਟਰਾਂਜ਼ਿਸ਼ਨ ਐਂਡ ਸਸਟੇਨੇਬਿਲਟੀ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ’ਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਨਅਤਕਾਰਾਂ ਨੂੰ ਗੈਰ-ਰਵਾਇਤੀ ਅਤੇ ਗਰੀਨ ਊਰਜਾ ਦੇ ਖੇਤਰ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਨਵੇਂ ਉੱਦਮਾਂ (ਸਟਾਰਟਅੱਪਜ਼) ਨੂੰ ਇਸ ਪਹਿਲਕਦਮੀ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਗਰੀਨ ਊਰਜਾ ਦੇ ਖੇਤਰ ਵਿੱਚ ਪੰਜਾਬ ਵਿੱਚ ਮੌਜੂਦ ਅਥਾਹ ਸੰਭਾਵਨਾਵਾਂ ਦਾ ਜ਼ਿਕਰ ਕਰਦਿਆਂ ਇਸ ਸਾਫ਼-ਸੁਥਰੀ ਅਤੇ ਟਿਕਾਊ ਊਰਜਾ ਨੂੰ ਅਪਨਾਉਣ ‘ਤੇ ਜ਼ੋਰ ਦਿੱਤਾ ਅਤੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਤੋਂ ਇਲਾਵਾ ਸੌਰ ਊਰਜਾ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਾਸਤੇ ਬਿਜਲੀ ਲੋੜਾਂ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿੱਚ 4 ਮੈਗਾਵਾਟ ਦਾ ਸੋਲਰ ਪੀ.ਵੀ. ਪਲਾਂਟ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਇਸ ਪ੍ਰਾਜੈਕਟ ਨਾਲ ਸਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਪੇਡਾ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਕੁੱਲ 12 ਮੈਗਾਵਾਟ ਦੀ ਸਮਰੱਥਾ ਵਾਲੇ ਤਿੰਨ ਹੋਰ ਸੋਲਰ ਪਾਵਰ ਪਲਾਂਟ (ਹਰੇਕ 4 ਮੈਗਾਵਾਟ) ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਚਾਰ-ਚਾਰ ਮੈਗਾਵਾਟ ( ਕੁੱਲ 264 ਮੈਗਾਵਾਟ) ਸਮਰੱਥਾ ਦੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਪੂਰਾ ਹੋਣ ‘ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ (ਐਮ.ਯੂ.) ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਪੇਡਾ ਨੇ ਸੂਬੇ ਭਰ ਵਿੱਚ 20,000 ਸੋਲਰ ਖੇਤੀ ਪੰਪ ਲਗਾਉਣ ਲਈ ਕਿਸਾਨਾਂ ਤੋਂ ਅਰਜ਼ੀਆਂ ਵੀ ਮੰਗੀਆਂ ਹਨ।