ਪੰਜਾਬ ਦੇ ਜੇਲਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ ਦਿੱਤਾ ਹੈ। ਦਰਅਸਲ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਅੱਜ ਉਨ੍ਹਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਲ੍ਹਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਅਤੇ ਮੋਬਾਈਲ ਆਦਿ ਉਪਕਰਣਾਂ ਦੀ ਮੁਕੰਮਲ ਰੋਕਥਾਮ ਲਈ ਨਵੀਨਤਮ ਤਕਨਾਲੌਜੀ ਸਮੇਂ ਦੀ ਮੁੱਖ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਲਾਂ ਵਿੱਚ ਐਡਵਾਂਸਡ ਸਰਵੀਲੈਂਸ ਉਪਕਰਣ ਲਗਾਉਣ ਲਈ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।
ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਜੇਲ ਵਿਭਾਗ ਲਈ ਲੋੜੀਂਦੇ ਫ਼ੰਡਾਂ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ। ਜੇਲਾਂ ਦੇ ਆਧੁਨਿਕੀਕਰਨ ਅਤੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜੇਲਾਂ ਵਿੱਚ ਕੈਦੀਆਂ ਦੀ ਵੱਧਦੀ ਤਾਦਾਦ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਆਂ ਜੇਲਾਂ ਦੀ ਉਸਾਰੀ ਦੇ ਨਾਲ-ਨਾਲ ਨਵੀਆਂ ਬੈਰਕਾਂ ਵੀ ਉਸਾਰੀਆਂ ਜਾਣਗੀਆਂ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਜੇਲ ਢਾਂਚੇ ਵਿੱਚ ਸੁਧਾਰ ਲਈ ਚਲਾਏ ਜਾ ਰਹੇ ਪ੍ਰਾਜੈਕਟਾਂ, ਮੌਜੂਦਾ ਚੁਣੌਤੀਆਂ ਦੇ ਹੱਲ ਲਈ ਰਣਨੀਤੀਆਂ, ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ, ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ, ਅੰਤਰ-ਵਿਭਾਗੀ ਸੰਚਾਰ ਸੁਧਾਰ ਅਤੇ ਮੁੜ-ਵਸੇਬਾ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਕੈਬਨਿਟ ਮੰਤਰੀ ਨੇ ਕੈਦੀਆਂ ਲਈ ਮੁੜ-ਵਸੇਬੇ ਦੇ ਉਦੇਸ਼ ਨਾਲ ਹੁਨਰ ਵਿਕਾਸ ਪ੍ਰੋਗਰਾਮਾਂ ਅਤੇ ਕਿੱਤਾਮੁਖੀ ਸਿਖਲਾਈ ਦੇ ਉਪਰਾਲਿਆਂ ‘ਤੇ ਜ਼ੋਰ ਦਿੱਤਾ ਤਾਂ ਜੋ ਕੈਦੀਆਂ ਨੂੰ ਜੁਰਮ ਦੀ ਦੁਨੀਆਂ ਵੱਲੋਂ ਮੋੜ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।