ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਗੁਰਦਾਸਪੁਰ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਸਾਂਝੀ ਕਾਰਵਾਈ ਕਰਦਿਆਂ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ। ਸਾਂਝੀ ਟੀਮ ਵੱਲੋਂ ਪਿੰਡ ਹਰਦੋਛੰਨੀ ਦੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਇੱਕ ਸ਼ੱਕੀ ਪੈਕੇਟ ਮਿਲਿਆ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਅੰਦਰੋਂ 2 ਪਿਸਤੌਲ, 30 ਬੋਰ ਦੇ 59 ਜ਼ਿੰਦਾ ਕਾਰਤੂਸ ਅਤੇ 4 ਹੈਂਡ ਗ੍ਰਨੇਡ ਬਰਾਮਦ ਹੋਏ।
ਮੁੱਢਲੀ ਜਾਣਕਾਰੀ ਮੁਤਾਬਕ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੀ ਗਈ ਸੀ। ਸੁਰੱਖਿਆ ਏਜੰਸੀਆਂ ਨੇ ਬਰਾਮਦ ਕੀਤੇ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਵੱਖ-ਵੱਖ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ
ਬਰਾਮਦਗੀ ਤੋਂ ਬਾਅਦ ਥਾਣਾ ਸਦਰ ਗੁਰਦਾਸਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਆਰਮਜ਼ ਐਕਟ ਦੀ ਧਾਰਾ 25, ਐਕਸਪਲੋਸਿਵ ਸਬਸਟੈਂਸ ਐਕਟ ਦੀਆਂ ਧਾਰਾਵਾਂ 3, 4, 5, 10, 11 ਅਤੇ 11-A ਤੋਂ ਇਲਾਵਾ ਏਅਰਕ੍ਰਾਫਟ ਐਕਟ ਦੀ ਧਾਰਾ 12 ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਥਿਆਰਾਂ ਦੀ ਇਹ ਖੇਪ ਭੇਜਣ ਪਿੱਛੇ ਕੌਣ ਲੋਕ ਸ਼ਾਮਲ ਹਨ ਅਤੇ ਇਸ ਦੇ ਪਿੱਛੇ ਕਿਸੇ ਨੈੱਟਵਰਕ ਦੀ ਭੂਮਿਕਾ ਹੈ ਜਾਂ ਨਹੀਂ, ਇਸ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

