ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 10 ਸਾਲਾਂ ‘ਚ 22 ਲੋਕਾਂ ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ, ਪਰ ਉਹ ਹਿਮਾਚਲ ਪ੍ਰਦੇਸ਼ ਨੂੰ ਪਿਛਲੇ ਮਾਨਸੂਨ ਦੇ ਭਾਰੀ ਮੀਂਹ ਕਾਰਨ ਆਈ ਤਬਾਹੀ ਨਾਲ ਨਜਿੱਠਣ ਲਈ 9,000 ਕਰੋੜ ਰੁਪਏ ਨਹੀਂ ਦੇ ਸਕੇ। ਰਾਹੁਲ ਗਾਂਧੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਮਦਦ ਕਰਨ ਦੀ ਬਜਾਏ, ਮੋਦੀ ਨੇ ਰਾਜ ਦੀ ਚੁਣੀ ਹੋਈ ਸਰਕਾਰ ਨੂੰ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਦਰਅਸਲ ਰਾਹੁਲ ਗਾਂਧੀ ਨੇ ਇਹ ਬਿਆਨ ਅਜਿਹੇ ਸਮੇਂ ‘ਚ ਦਿੱਤਾ ਹੈ ਜਦੋਂ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਸਰਕਾਰ ‘ਤੇ ਸੂਬੇ ‘ਚ ਹੜ੍ਹਾਂ ਨਾਲ ਨਜਿੱਠਣ ਲਈ ਕੇਂਦਰ ਵਲੋਂ ਦਿੱਤੀ ਗਈ ਸਹਾਇਤਾ ਦੀ ਅਨੁਚਿਤ ਵੰਡ ਦਾ ਦੋਸ਼ ਲਗਾਇਆ ਸੀ।
ਸ਼ਿਮਲਾ (ਰਾਖਵੇਂ) ਸੰਸਦੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵਿਨੋਦ ਸੁਲਤਾਨਪੁਰੀ ਦੇ ਸਮਰਥਨ ਵਿੱਚ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਨਾਹਨ ਵਿੱਚ ਅੱਜ ਇੱਕ ਚੋਣ ਰੈਲ੍ਹੀ ਦਾ ਆਯੋਜਨ ਕੀਤਾ ਗਿਆ। ਰੈਲ੍ਹੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਮੋਦੀ ਨੇ ਸੇਬ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਸਾਰੀਆਂ ਸਟੋਰੇਜ ਸੁਵਿਧਾਵਾਂ ਇੱਕ ਵਿਅਕਤੀ ਨੂੰ ਹੀ ਸੌਂਪ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਵੀ ਨਰਿੰਦਰ ਮੋਦੀ ਸਹੁੰ ਚੁੱਕਦੇ ਹਨ, ਅਡਾਨੀ ਦੀ ਮਾਲਕੀ ਵਾਲੀਆਂ ਕੰਪਨੀਆਂ ਦੇ ਸ਼ੇਅਰਾਂ ਦੀਆਂ ਕੀਮਤਾਂ ਵਧ ਜਾਂਦੀਆਂ ਹਨ।
ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਕਾਂਗਰਸ ਸੱਤਾ ‘ਚ ਆਉਂਦੀ ਹੈ ਤਾਂ ਗ੍ਰੈਜੂਏਸ਼ਨ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ‘ਪਹਿਲੀ ਨੌਕਰੀ ਪੱਕਾ ਅਧਿਕਾਰ’ ਪ੍ਰੋਗਰਾਮ ਤਹਿਤ ਇਕ ਸਾਲ ਦੀ ਪੱਕੀ ਨੌਕਰੀ ਦਿੱਤੀ ਜਾਵੇਗੀ। ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਅਤੇ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇਗਾ।