ਸੂਬੇ ’ਚ ਇੱਕ ਪਾਸੇ ਜਿੱਥੇ ਨਸ਼ੇ ਦਾ ਛੇਵਾਂ ਦਰਿਆ ਉਫਾਨ ’ਤੇ ਹੈ ਤਾਂ ਦੂਜੇ ਪਾਸੇ ਨਸ਼ੇ ਦੇ ਇਸ ਦਰਿਆ ਤੇ ਠੱਲ ਪਾਉਣ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕ ਰਹੀ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਗਠਨ ਕੀਤਾ ਐ ਤੇ ਇਸ ਵਿਚ 800 ਮਾਹਿਰ ਅਧਿਕਾਰੀਆਂ ਅਤੇ ਸਿਪਾਹੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਟਾਸਕ ਫੋਰਸ ਨੂੰ ਆਧੁਨਿਕ ਕੰਪਿਊਟਰ ਲੈਬ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਇਸ ਦੇ ਲਈ ਮੁੱਖ ਮੰਤਰੀ ਨੇ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਜਲਦੀ ਹੀ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਦੀ ਕਮਰ ਤੋੜ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬਲਕਾਰ ਸਿੰਘ ਨੇ ਆਖਿਆ ਕਿ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਉਹ ਖ਼ੁਦ ਨਿਗਮਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦੇਣਗੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਬਰਸਾਤ ਦਾ ਮੌਸਮ ਖ਼ਤਮ ਹੁੰਦੇ ਸਾਰ ਹੀ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਹੋਰ ਛੋਟੇ ਕਸਬਿਆਂ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਸ਼ੁਰੂ ਹੋ ਜਾਣਗੇ, ਕਿਉਂਕਿ ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਕਾਰਨ ਵਿਕਾਸ ਕਾਰਜਾਂ ਵਿਚ ਢਿੱਲਮੱਠ ਹੋ ਗਈ ਸੀ, ਪਰ ਹੁਣ ਇਸ ਵਿਚ ਕੋਈ ਵੀ ਰੁਕਾਵਟ ਨਹੀਂ ਪਵੇਗੀ।