ਦਿੱਲੀ ਦੇ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਹਿਮਾਚਲ ਪ੍ਰਦੇਸ਼ ਰਾਸ਼ਟਰੀ ਰਾਜਧਾਨੀ ਲਈ ਪਾਣੀ ਛੱਡ ਵੀ ਦਿੰਦਾ ਹੈ ਤਾਂ ਵੀ ਸ਼ਹਿਰ ਦਾ ਪਾਣੀ ਸੰਕਟ ਹੱਲ ਨਹੀਂ ਹੋਵੇਗਾ ਕਿਉਂਕਿ ਹਰਿਆਣਾ ਨੇ ਆਉਣ ਵਾਲੇ ਪਾਣੀ ਦੇ ਵਹਾਅ ਨੂੰ ਘਟਾ ਦਿੱਤਾ ਹੈ।
ਇਸ ਤੋਂ ਪਹਿਲਾਂ ਆਤਿਸ਼ੀ ਨੇ ਵਜ਼ੀਰਾਬਾਦ ਬੈਰਾਜ ਦਾ ਦੌਰਾ ਕੀਤਾ ਅਤੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ। ਫਿਰ ਪ੍ਰੈੱਸ ਕਾਨਫ਼ਰੰਸ ਦੌਰਾਨ ਆਤਿਸ਼ੀ ਨੇ ਹਰਿਆਣਾ ‘ਤੇ ਸੁਪਰੀਮ ਕੋਰਟ ਦੀ ਪਿੱਠ ਪਿੱਛੇ ਦਿੱਲੀ ਦੇ ਲੋਕਾਂ ਵਿਰੁੱਧ ਸਾਜ਼ਿਸ਼ ਰਚਣ ਦਾ ਇਲਜ਼ਾਮ ਲਗਾਇਆ। ਉਨ੍ਹਾਂ ਕਿਹਾ ਕਿ ਵਜ਼ੀਰਾਬਾਦ ਵਿੱਚ ਯਮੁਨਾ ਦਾ ਪਾਣੀ ਦਾ ਪੱਧਰ 671 ਫੁੱਟ ਤੋਂ ਘੱਟ ਕੇ 669.7 ਫੁੱਟ ਹੋ ਗਿਆ ਹੈ। ਜੇਕਰ ਪਾਣੀ ਦਾ ਪੱਧਰ ਇੰਨਾ ਹੇਠਾਂ ਚਲਾ ਗਿਆ ਤਾਂ ਵਾਟਰ ਟ੍ਰੀਟਮੈਂਟ ਪਲਾਂਟ ਦਿੱਲੀ ਦੇ ਲੋਕਾਂ ਨੂੰ ਪਾਣੀ ਕਿਵੇਂ ਪ੍ਰਦਾਨ ਕਰਨਗੇ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਇਹ ਟਿੱਪਣੀ ਇੱਕ ਦਿਨ ਬਾਅਦ ਆਈ ਹੈ ਜਦੋਂ ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ 137 ਕਿਊਸਿਕ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਦਿੱਲੀ ਇਸ ਸਮੇਂ ਭਿਆਨਕ ਗਰਮੀ ਵਿੱਚ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੀ ਹੈ। ਪਾਣੀ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਨਾਲ ਹੀ ਆਤਿਸ਼ੀ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਅਸੀਂ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਸੂਚਿਤ ਕਰਾਂਗੇ ਕਿ ਹਰਿਆਣਾ ਦਿੱਲੀ ਦੇ ਹਿੱਸੇ ਦਾ ਪਾਣੀ ਨਹੀਂ ਛੱਡ ਰਿਹਾ।