ਦਿੱਲੀ ’ਚ ਪਾਣੀ ਦੇ ਸੰਕਟ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਜਲ ਮੰਤਰੀ ਆਤਿਸ਼ੀ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਭੁੱਖ ਹੜਤਾਲ ’ਤੇ ਬੈਠੇ ਹਨ। ਦਿੱਲੀ ਦੇ ਹਿੱਸੇ ਦੇ ਪਾਣੀ ਦੀ ਮੰਗ ਲਈ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਚੋਥੇ ਦਿਨ ’ਚ ਸ਼ਾਮਲ ਹੋ ਗਈ ਹੈ। ਭੁੱਖ ਹੜਤਾਲ ਨੂੰ ਲੈ ਕੇ ਆਤਿਸ਼ੀ ਦਾ ਕਹਿਣਾ ਹੈ ਕਿ ਸਿਹਤ ‘ਤੇ ਮਾੜੇ ਪ੍ਰਭਾਵਾਂ ਦੇ ਬਾਵਜੂਦ, ਉਹ ਆਪਣੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਹਰਿਆਣਾ, ਦਿੱਲੀ ਦੇ ਹਿੱਸੇ ਦਾ ਪਾਣੀ ਜਾਰੀ ਨਹੀਂ ਕਰਦਾ।
ਇੱਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਆਤਿਸ਼ੀ ਨੇ ਕਿਹਾ ਕਿ ਮੇਰਾ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦਾ ਪੱਧਰ ਡਿੱਗ ਰਿਹਾ ਹੈ ਅਤੇ ਮੇਰਾ ਭਾਰ ਵੀ ਘੱਟ ਗਿਆ ਹੈ। ਕੀਟੋਨ ਦੇ ਪੱਧਰ ਬਹੁਤ ਜ਼ਿਆਦਾ ਵੱਧ ਗਿਆ ਹੈ ਜੋ ਲੰਬੇ ਸਮੇਂ ਵਿੱਚ ਨੁਕਸਾਨਦੇਹ ਪ੍ਰਭਾਵ ਪਾ ਸਕਦੇ ਹਨ। ਮੇਰੇ ਸਰੀਰ ਨੂੰ ਭਾਵੇਂ ਕਿੰਨਾ ਵੀ ਦਰਦ ਹੋਵੇ, ਮੈਂ ਉਦੋਂ ਤੱਕ ਭੁੱਖ ਹੜਤਾਲ ਜਾਰੀ ਰੱਖਾਂਗੀ ਜਦੋਂ ਤੱਕ ਹਰਿਆਣਾ ਪਾਣੀ ਨਹੀਂ ਛੱਡਦਾ। ਇਸ ਦੇ ਨਾਲ ਹੀ ਆਤਿਸ਼ੀ ਨੇ ਦਾਅਵਾ ਕੀਤਾ ਕਿ ਹਰਿਆਣਾ ਨੇ ਪਿਛਲੇ ਤਿੰਨ ਹਫ਼ਤਿਆਂ ਵਿੱਚ ਰਾਸ਼ਟਰੀ ਰਾਜਧਾਨੀ ਨੂੰ ਛੱਡੇ ਗਏ ਯਮੁਨਾ ਦੇ ਪਾਣੀ ਵਿੱਚ ਦਿੱਲੀ ਦੇ ਹਿੱਸੇ ਵਿੱਚ 100 ਮਿਲੀਅਨ ਗੈਲਨ ਪ੍ਰਤੀ ਦਿਨ (ਐਮਜੀਡੀ) ਦੀ ਕਟੌਤੀ ਕੀਤੀ ਹੈ। ਉਨ੍ਹਾਂ ਕਿਹਾ ਕਿ 100 ਐਮਜੀਡੀ ਪਾਣੀ ਦੀ ਕਟੌਤੀ ਹੋਣ ਕਾਰਨ ਦਿੱਲੀ ਵਿੱਚ ਪਾਣੀ ਦੀ ਕਿੱਲਤ ਹੋ ਗਈ ਹੈ, ਜਿਸ ਕਾਰਨ ਦਿੱਲੀ ਦੇ ਕਰੀਬ 28 ਲੱਖ ਲੋਕ ਪ੍ਰਭਾਵਿਤ ਹੋਏ ਹਨ।