ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਉਸ ਵੇਲੇ ਜ਼ੋਰਦਾਰ ਹੰਗਾਮਾ ਹੋ ਗਿਆ, ਜਦੋਂ ‘ਆਪ’ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਦੇ ਬਿਆਨ ਕਿ ਜਨ ਪ੍ਰਤੀਨਿਧੀਆਂ ਖ਼ਿਲਾਫ਼ ਬੋਲਣਾ ਕਾਂਗਰਸ ਦੇ ਖੂਨ ‘ਚ ਹੈ, ਨੂੰ ਲੈ ਕੇ ਤਕਰਾਰ ਸ਼ੁਰੂ ਹੋ ਗਈ। ਇਸ ਬਿਆਨ ‘ਤੇ ਕਾਂਗਰਸੀ ਵਿਧਾਇਕਾਂ ਨੇ ਸਖ਼ਤ ਇਤਰਾਜ਼ ਜਤਾਇਆ ਅਤੇ ਸਦਨ ‘ਚ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਦਾ ਨਾਂ ਆਉਂਦੇ ਹੀ ਕਾਂਗਰਸੀ ਵਿਧਾਇਕ ਖੜ੍ਹੇ ਹੋ ਗਏ ਅਤੇ ਉਨ੍ਹਾਂ ਨੇ ਇਸ ਬਿਆਨ ‘ਤੇ ਤਿੱਖਾ ਇਤਰਾਜ਼ ਜਤਾਇਆ। ਉਨ੍ਹਾਂ ਨੇ ਇਸ ਨੂੰ ਪਾਰਟੀ ਦੀ ਬੇਇੱਜ਼ਤੀ ਕਰਾਰ ਦਿੰਦੇ ਹੋਏ ਬਿਆਨ ਵਾਪਸ ਲੈਣ ਦੀ ਮੰਗ ਕੀਤੀ। ਸਦਨ ‘ਚ ਕੁੱਝ ਸਮੇਂ ਲਈ ਤਣਾਅਪੂਰਨ ਮਾਹੌਲ ਬਣ ਗਿਆ ਅਤੇ ਦੋਵੇਂ ਪੱਖਾਂ ਵੱਲੋਂ ਨਾਅਰੇਬਾਜ਼ੀ ਵੀ ਹੋਈ। ਵਿਧਾਨ ਸਭਾ ਦੇ ਅੰਦਰ ਹੋਈ ਇਸ ਤਕਰਾਰ ਨੇ ਇੱਕ ਵਾਰ ਫਿਰ ਸੱਤਾ ਧਿਰ ਅਤੇ ਵਿਰੋਧੀ ਪੱਖ ਵਿਚਕਾਰ ਤਣਾਅ ਨੂੰ ਸਾਹਮਣੇ ਲਿਆ ਦਿੱਤਾ ਹੈ। ਕਾਂਗਰਸ ਵੱਲੋਂ ਸੰਕੇਤ ਦਿੱਤੇ ਜਾ ਰਹੇ ਹਨ ਕਿ ਇਸ ਮਾਮਲੇ ਨੂੰ ਉਹ ਸਦਨ ਤੋਂ ਬਾਹਰ ਵੀ ਉਠਾ ਸਕਦੇ ਹਨ।
ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੈਰ-ਕਾਨੂੰਨੀ ਮਾਈਨਿੰਗ ਦਾ ਗੰਭੀਰ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਸਿਰਫ਼ ਛੋਟੇ ਪੱਧਰ ਤੇ ਨਹੀਂ, ਸਗੋਂ ਵੱਡੇ ਪੱਧਰ ‘ਤੇ ਹੋ ਰਹੀ ਹੈ ਅਤੇ ਇਸ ‘ਚ ਕੁੱਝ ਮੰਤਰੀਆਂ ਅਤੇ ਸਰਕਾਰੀ ਅਫ਼ਸਰਾਂ ਦੀ ਭੂਮਿਕਾ ਹੋਣ ਦੇ ਦੋਸ਼ ਵੀ ਲੱਗ ਰਹੇ ਹਨ।ਬਾਜਵਾ ਨੇ ਸਦਨ ‘ਚ ਕਿਹਾ ਕਿ ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਇਸ ਬਾਰੇ ਸਰਕਾਰ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਭ ਤੋਂ ਪਹਿਲਾਂ ਮਾਈਨਿੰਗ ਮੰਤਰੀ ਸਦਨ ‘ਚ ਬਿਆਨ ਦੇਣ ਕਿ ਕੀ ਵਾਕਈ ਪੰਜਾਬ ‘ਚ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਕੋਈ ਅਫ਼ਸਰ ਜਾਂ ਨੇਤਾ ਇਸ ‘ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

