ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੱਤਾ ਵਿਚ ਆਏ ਚਾਰ ਸਾਲ ਪੂਰੇ ਹੋ ਚੁੱਕੇ ਹਨ ਅਤੇ ਪਾਰਟੀ 5ਵੇਂ ਸਾਲ ਵਿਚ ਦਾਖਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਸਰਕਾਰ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਕਦੇ ਵਿਧਾਇਕਾਂ ਨੂੰ ਖਰੀਦਣ ਅਤੇ ਕਦੇ ਤੋੜਣ ਦੀ ਸਾਜ਼ਿਸ਼ ਰਚੀ ਗਈ ਹੈ। ਪੰਨੂ ਨੇ ਕਿਹਾ ਕਿ ਕੋਈ ਆਗੂ ਕਹਿ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ 35 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਕਦੇ ਵਿਧਾਇਕਾਂ ਨੂੰ ਲਾਲਚ ਵੀ ਦਿੱਤਾ ਗਿਆ ਪਰ ਪਾਰਟੀ ਵਿਚ ਉਹ ਆਗੂ ਸ਼ਾਮਲ ਹਨ ਜਿਹੜੇ ਲਾਲਚ ਵਿਚ ਆ ਕੇ ਟੁੱਟੇ ਨਹੀਂ। ਪੰਨੂ ਨੇ ਭਾਜਪਾ ‘ਤੇ ਦੋਸ਼ ਲਗਾਏ ਹਨ ਕਿ ਜਦੋਂ ਤੋਂ ਭਾਜਪਾ ਕੇਂਦਰ ਦੀ ਸੱਤਾ ਵਿਚ ਆਈ ਹੈ, ਉਦੋਂ ਤੋਂ ਗੈਰ ਭਾਜਪਾ ਸਰਕਾਰ ਵਿਚ ਆਗੂਆਂ ਨੂੰ ਲੈ ਕੇ ਖਰੀਦ-ਫਰੋਖਤ ਕਰਕੇ ਅਤੇ ਡਰਾ ਧਮਕਾ ਕੇ ਸਰਕਾਰਾਂ ਤੋੜੀਆਂ ਗਈਆਂ।
ਪੰਨੂ ਨੇ ਕਿਹਾ ਕਿ ਭਾਜਪਾ ਦਿੱਲੀ ਅਤੇ ਪੰਜਾਬ ਵਿਚ ਸਰਕਾਰਾਂ ਤੋੜਨ ਵਿਚ ਸਫਲ ਨਹੀਂ ਹੋ ਸਕੀ ਕਿਉਂਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸੰਸਦ ਮੈਂਬਰ ਕਿਸੇ ਮਿਸ਼ਨ ਦੇ ਤਹਿਤ ਸੱਤਾ ਵਿਚ ਸ਼ਾਮਲ ਹੋਏ ਹਨ। ਪਿਛਲੇ ਦਿਨਾਂ ਦੌਰਾਨ ਸੰਸਦ ਮੈਂਬਰ ਅਤੇ ਮੰਤਰੀ ’ਤੇ ਈ. ਡੀ. ਵੱਲੋਂ ਰੇਡਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰੋਬਾਰੀਆਂ ’ਤੇ ਪਹਿਲਾਂ ਕਦੇ ਵੀ ਇਸ ਤਰ੍ਹਾਂ ਦੀਆਂ ਰੇਡਾਂ ਨਹੀਂ ਹੋਈਆਂ। ਜਿੱਥੇ-ਜਿੱਥੇ ਚੋਣਾਂ ਸ਼ੁਰੂ ਹੁੰਦੀਆਂ ਹਨ, ਉੱਥੇ ਸਭ ਤੋਂ ਪਹਿਲਾਂ ਭਾਜਪਾ ਲਈ ਸੀਬੀਆਈ, ਈਡੀ ਅਤੇ ਚੋਣ ਕਮਿਸ਼ਨ ਐਕਟਿਵ ਹੋ ਜਾਂਦੇ ਹਨ। ਪੰਨੂ ਨੇ ਦੋਸ਼ ਲਾਇਆ ਕਿ ਦੂਜੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

