ਅੰਮ੍ਰਿਤਸਰ —ਗੁਰੂ ਕੀ ਨਗਰੀ ਨੂੰ ਭਿਖਾਰੀ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮਹਾਨਗਰ ਦੇ ਮੁੱਖ ਚੌਕਾਂ ਅਤੇ ਚੌਰਾਹਿਆਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਅਤੇ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਸਬੰਧ ’ਚ ਹੋਰ ਅੱਗੇ ਵਧਦੇ ਹੋਏ ਡੀ. ਸੀ. ਪੀ. ਓ. ਦਫ਼ਤਰ ਦੀ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ’ਚ ਰੇਡ ਕਰਕੇ ਇਕ ਔਰਤ ਨੂੰ ਭੀਖ ਮੰਗਣ ਵਾਲੇ 6 ਬੱਚਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਨ੍ਹਾਂ ਬੱਚਿਆਂ ਨੂੰ ਪ੍ਰਸ਼ਾਸਨ ਵੱਲੋਂ ਪਿੰਗਲਵਾੜਾ ’ਚ ਭੇਜ ਦਿੱਤਾ ਗਿਆ ਹੈ, ਜਦੋਂ ਕਿ ਉਨ੍ਹਾਂ ਦੀ ਮਾਂ ਉਰਫ਼ ਸਰਗਣਾ ਨੂੰ ਕਿਸੇ ਹੋਰ ਸੈਂਟਰ ’ਚ ਭੇਜ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਬੱਚਿਆਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਦਾ ਡੀ. ਐੱਨ. ਏ. ਟੈਸਟ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਨਗਰ ’ਚ ਭੀਖ ਮੰਗਣ ਵਾਲਿਆਂ ਅਤੇ ਭੀਖ ਮੰਗਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਵੀ ਗੋਲਡਨ ਗੇਟ ਨੇੜੇ ਇਕ ਭਿਖਾਰੀ ਸਰਗਣੇ ਨੂੰ ਕੁਝ ਬੱਚਿਆਂ ਸਮੇਤ ਫੜਿਆ ਗਿਆ ਸੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 4 ਜੁਲਾਈ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਰਣਜੀਤ ਐਵੇਨਿਊ ਇਲਾਕੇ ਤੋਂ ਨਿਰਮਲਾ ਨਾਂ ਦੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਬੱਚਿਆਂ ਕੋਲੋਂ ਜ਼ਬਰਦਸਤੀ ਭੀਖ ਮੰਗਵਾਉਂਦੀ ਸੀ। ਪ੍ਰਸ਼ਾਸਨ ਪਹਿਲਾਂ ਹੀ ਉਕਤ ਔਰਤ ਵਿਰੁੱਧ ਕਾਰਵਾਈ ਕਰ ਚੁੱਕਾ ਹੈ, ਜੋ ਕਿ ਪੰਜਾਬ ਵਿਚ ਅਜਿਹਾ ਪਹਿਲਾ ਮਾਮਲਾ ਸੀ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।