ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ, ਵਿਧਾਇਕਾਂ ਅਤੇ ਮੰਤਰੀਆਂ ਨੂੰ ਵਿਸ਼ੇਸ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹਰ ਸਮੇਂ ਲੋਕਾਂ ਦੇ ਨਾਲ ਸੰਪਰਕ ਬਣਾ ਕੇ ਰੱਖਿਆ ਜਾਵੇ ਤਾਂ ਜੋ ਕਿਸੇ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀ ਲੋਕਾਂ ਦੇ ਨਾਲ ਸਿੱਧਾ ਸੰਪਰਕ ਸਾਧ ਰਹੇ ਹਨ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਰਾਜਪੁਰਾ ਤਹਿਸੀਲ ਕੰਪਲੈਕਸ ਪਹੁੰਚੇ ਜਿੱਥੇ ਉਨ੍ਹਾਂ ਨੇ ਰਜਿਸਟਰੀਆਂ ਨੂੰ ਲੈ ਅਧਿਕਾਰੀਆਂ ਤੋਂ ਜਾਣਕਾਰੀ ਲਈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਉੱਥੇ ਮੌਜੂਦ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦਾ ਹੱਲ ਕਰਨ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਲੋਕਾਂ ਨੇ ਵੀ ਸਾਫ਼-ਸੁਥਰਾ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਲੋਕਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਲੋਕਾਂ ਦੇ ਕੰਮ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਨਿਰਵਿਘਨ ਕੀਤੇ ਜਾ ਰਹੇ ਹਨ। ਪੰਜਾਬ ਨੂੰ ਪਹਿਲੀ ਵਾਰ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਲੋਕਾਂ ਲਈ ਹਰ ਸਮੇਂ ਮੋਬਾਈਲ ’ਤੇ ਵੀ ਉਪਲਬਧ ਰਹਿੰਦਾ ਹੈ।
ਇਸ ਦੇ ਨਾਲ ਹੀ ਤਹਿਸੀਲਦਾਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹਰ ਰੋਜ਼ 30-35 ਜ਼ਮੀਨੀ ਰਕਬਿਆਂ ਦੀ ਰਜਿਸਟਰੀ (ਡੀਡ) ਕੀਤੀ ਜਾਂਦੀ ਹੈ ਅਤੇ ਦਿਨ ਦਾ ਸਾਰਾ ਕੰਮ ਨਿਰਧਾਰਤ ਸਮੇਂ ’ਤੇ ਪੂਰਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਖ਼ੁਦ ਪੂਰੀ ਪ੍ਰਕਿਰਿਆ ਦਾ ਨਿਰੀਖਣ ਕੀਤਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਾਪਤ ਹੋਣ ਅਤੇ ਕਿਸੇ ਕਿਸਮ ਦੀ ਕੋਈ ਅਸੁਵਿਧਾ ਪੇਸ਼ ਨਾ ਆਵੇ।