ਜਲੰਧਰ- ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਕੀਤੀ ਗਈ ਰੇਡ ਮਗਰੋਂ ਹੁਣ ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਧਾਇਕ ਰਮਨ ਅਰੋੜਾ ਨੂੰ ਸਾਢੇ 7 ਘੰਟੇ ਦੀ ਪੁੱਛਗਿੱਛ ਮਗਰੋਂ ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਦੀ ਟੀਮ ਕਾਰ ਵਿੱਚ ਕਾਲੇ ਪਰਦੇ ਲਗਾ ਕੇ ਰਮਨ ਅਰੋੜਾ ਨੂੰ ਆਪਣੇ ਨਾਲ ਲੈ ਗਈ।
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੋਰਟਲ ‘ਤੇ ਰਮਨ ਅਰੋੜਾ ਵਿਰੁੱਧ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਉਸ ਵਿਰੁੱਧ ਇਹ ਕਾਰਵਾਈ ਕੀਤੀ ਗਈ। ਵਿਜੀਲੈਂਸ ਦੀ ਟੀਮ ਵੱਲੋਂ ਰਮਨ ਅਰੋੜਾ ਦੇ ਘਰ ‘ਚ ਰੇਡ ਕੀਤੀ ਗਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਰਮਨ ਅਰੋੜਾ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।