ਚੰਡੀਗੜ੍ਹ : ਕਾਂਗਰਸ ਪਾਰਟੀ ਨੇ ਸਾਬਕਾ ਸੂਬਾਈ ਸਕੱਤਰ ਤੇ ਪਠਾਨਕੋਟ ਮਿਊਂਸਿਪਲ ਕਮੇਟੀ ਦੇ ਸਾਬਕਾ ਕੌਂਸਲਰ ਜੰਗਬਹਾਦੁਰ ਬੇਦੀ ਨੂੰ 5 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਅਨੁਸ਼ਾਸਨ ਕਮੇਟੀ ਵੱਲੋਂ ਸਾਬਕਾ ਵਿਧਾਇਕ ਅਮਿਤ ਵਿੱਜ ਦੀ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ। ਜੰਗਬਹਾਦੁਰ ਬੇਦੀ ‘ਤੇ ਅਮਿਤ ਵਿਜ ਅਤੇ ਪਾਰਟੀ ਕਾਰਪੋਰੇਟਰਾਂ ‘ਤੇ ਅਸ਼ਲੀਲ ਕੁਮੈਂਟ ਕਰਨ ਦੇ ਦੋਸ਼ ਲੱਗੇ ਹਨ।
ਪੰਜਾਬ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਵੱਲੋਂ ਜਾਰੀ ਪੱਤਰ ਮੁਤਾਬਕ ਜੰਗਬਹਾਦੁਰ ਬੇਦੀ ਨੂੰ 5 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਜੰਗਬਹਾਦੁਰ ਬੇਦੀ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਮੰਨੇ ਜਾਂਦੇ ਹਨ। ਦੂਜੇ ਪਾਸੇ ਜੰਗਬਹਾਦੁਰ ਬੇਦੀ ਨੇ ਲੈਟਰ ਨੂੰ ਫੇਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਪ੍ਰੈੱਸ ਕਾਨਫ਼ਰੰਸ ਕਰ ਕੇ ਇਸ ਬਾਰੇ ਜਵਾਬ ਦੇਣਗੇ।
ਕੁਝ ਮਹੀਨੇ ਪਹਿਲਾਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ਵਿਚ ਕਾਂਗਰਸੀ ਕੌਂਸਲਰਾਂ ਦੀ ਇਕ ਮੀਟਿੰਗ ਹੋਈ ਸੀ। ਸਾਬਕਾ ਵਿਧਾਇਕ ਅਮਿਤ ਵਿਜ ਨੇ ਸ਼ਿਕਾਇਤ ਦਿੱਤੀ ਸੀ ਕਿ ਬੇਦੀ ਨੇ ਕੌਂਸਲਰਾਂ ਦੀ ਫੋਟੋ ਪੋਸਟ ਕਰ ਕੇ ਗਲਤ ਅਤੇ ਅਸ਼ਲੀਲ ਕੁਮੈਂਟ ਕੀਤੇ ਸਨ। ਅਮਿਤ ਵਿਜ ਨੇ ਇਸ ਦੀ ਸ਼ਿਕਾਇਤ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੂੰ ਕੀਤੀ ਸੀ। ਇਸ ਬਾਰੇ ਪੁੱਛੇ ਜਾਣ ‘ਤੇ ਬੇਦੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਸੀ।