ਫਿਰੋਜ਼ਪੁਰ : ਫਿਰੋਜ਼ਪੁਰ ਪੁਲਸ ਨੇ ਕਾਸੋ ਆਪਰੇਸ਼ਨ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਪੁਲਸ ਨੇ ਐੱਸ. ਐੱਚ. ਓ. ਮੱਲਾਂਵਾਲਾ ਗੁਰਪ੍ਰੀਤ ਸਿੰਘ ਦੀ ਅਗਵਾਈ ‘ਚ ਕਾਸੋ ਆਪਰੇਸ਼ਨ ਦੌਰਾਨ ਖੋਸਾ ਦਲ ਸਿੰਘ ਵਾਲਾ ਵਿਖੇ ਇਕ ਵਾਹਨ ਨੂੰ ਰੋਕਿਆ ਗਿਆ।
ਇਸ ਦੌਰਾਨ ਪੁਲਸ ਨੇ ਆਕਾਸ਼ ਵਾਸੀ ਗੋਵਾਲਮੰਡੀ, ਅੰਮ੍ਰਿਤਸਰ ਨੂੰ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ 8 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਇਸ ਬਾਰੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਡਰੱਗ ਮਾਫ਼ੀਆ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।