ਅੰਮ੍ਰਿਤਸਰ- ਇੱਕ ਵੱਡੀ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ‘ਚ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਨਾਲ ਜੁੜੀਆਂ ਜਾਸੂਸੀ ਗਤੀਵਿਧੀਆਂ ਦੇ ਸ਼ੱਕੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ ਹੈ।
ਡੀ. ਜੀ. ਪੀ. ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ISI ਦੇ ਕਾਰਕੁਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ‘ਤੇ ਪੈੱਨ ਡਰਾਈਵ ਰਾਹੀਂ ਸੰਵੇਦਨਸ਼ੀਲ ਅਤੇ ਗੁਪਤ ਜਾਣਕਾਰੀ ਸਾਂਝੀ ਕਰਨ ਦਾ ਸ਼ੱਕ ਹੈ। ਇਸ ਮਾਮਲੇ ਵਿੱਚ ਸ਼ਾਮਲ ਮੁੱਖ ISI ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਕਥਿਤ ਤੌਰ ‘ਤੇ ISI ਕਾਰਕੁਨਾਂ ਨਾਲ ਗੱਲਬਾਤ ਕਰਨ ਲਈ ਵਰਤੇ ਗਏ ਦੋ ਮੋਬਾਈਲ ਫੋਨ ਜ਼ਬਤ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਆਪਕ ਜਾਸੂਸੀ ਅੱਤਵਾਦ ਨੈੱਟਵਰਕ ਨੂੰ ਖਤਮ ਕਰਨ ਅਤੇ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।