ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ (ਸੀ.ਐਸ.ਏ.ਐਮ.) ਨੂੰ ਦੇਖਣ, ਰੱਖਣ ਅਤੇ ਅੱਗੇ ਭੇਜਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇਸ ਮਾਮਲੇ ਵਿੱਚ 54 ਸ਼ੱਕੀਆਂ ਵਿਅਕਤੀਆਂ ਦੀ ਪਛਾਣ ਵੀ ਕੀਤੀ ਹੈ। ਇਹ ਜਾਣਕਾਰੀ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਕਾਰਵਾਈ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫੈਸਲੇ, ਜਿਸ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੇ ਜਿਨਸੀ ਸ਼ੋਸ਼ਣ ਸਬੰਧੀ ਸਮੱਗਰੀ ਨੂੰ ਦੇਖਣਾ, ਆਪਣੇ ਕੋਲ ਰੱਖਣਾ, ਅੱਗੇ ਭੇਜਣਾ ਅਤੇ ਇਸ ਸਬੰਧੀ ਰਿਪੋਰਟ ਨਾ ਕਰਨਾ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੂਅਲ ਔਫੈਂਸਿਜ਼ (ਪੋਕਸੋ ਐਕਟ) ਤਹਿਤ ਸਜ਼ਾਯੋਗ ਹੈ, ਤੋਂ ਤੁਰੰਤ ਬਾਅਦ ਸਾਹਮਣੇ ਆਈ ਹੈ। ਸੀ.ਐਸ.ਏ.ਐਮ. ਕੋਈ ਵੀ ਅਜਿਹੀ ਸਮੱਗਰੀ ਜਿਸ ਵਿੱਚ ਨਾਬਾਲਕਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਫੋਟੋਆਂ, ਵੀਡੀਓ ਜਾਂ ਮੀਡੀਆ ਸ਼ਾਮਲ ਹੋਵੇ, ਜਿਸਨੂੰ ਦੇਖਣਾ, ਆਪਣੇ ਕੋਲ ਰੱਖਣਾ ਜਾਂ ਅੱਗੇ ਭੇਜਣਾ ਗੈਰ-ਕਾਨੂੰਨੀ ਹੈ, ਜਿਸ ਨਾਲ ਪੀੜਤਾਂ ਨੂੰ ਉਮਰ ਭਰ ਲਈ ਵੱਡਾ ਨੁਕਸਾਨ ਪਹੁੰਚ ਸਕਦਾ ਹੈ ਅਤੇ ਬੱਚਿਆਂ ਦੇ ਗੰਭੀਰ ਸ਼ੋਸ਼ਣ ਦੇ ਮਾਮਲਿਆਂ ਅਧੀਨ ਆਉਂਦਾ ਹੈ।
ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਹਿਚਾਣ ਫਾਜ਼ਿਲਕਾ ਦੇ ਰਾਮਸਰਾ ਦੇ ਰਹਿਣ ਵਾਲੇ ਵਿਜੇਪਾਲ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮਿਆਰੀ ਪ੍ਰਕਿਰਿਆਵਾਂ ਦਾ ਪਾਲਣ ਕਰਦੇ ਹੋਏ ਮੁਲਜ਼ਮ ਕੋਲੋਂ ਇਲੈਕਟ੍ਰਾਨਿਕ ਉਪਕਰਨ ਵੀ ਜ਼ਬਤ ਕੀਤੇ ਹਨ ਅਤੇ ਢੁੱਕਵੇਂ ਢੰਗ ਨਾਲ ਹੈਸ਼ ਵੈਲਿਊਜ਼ ਵੀ ਦਰਜ ਕੀਤੀਆਂ ਗਈਆਂ ਹਨ । ਇਸ ਸਬੰਧ ਵਿੱਚ ਸਾਈਬਰ ਪੁਲਿਸ ਥਾਣੇ ਵਿਖੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 67ਬੀ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।