ਚੰਡੀਗੜ੍ਹ : ਪੰਜਾਬ ਕੈਬਨਿਟ ਨੇ ਅਹਿਮ ਫ਼ੈਸਲਾ ਲੈਂਦਿਆਂ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਸੂਬੇ ਭਰ ਵਿਚ 40 ਹੁਨਰ ਸਿੱਖਿਆ ਸਕੂਲ (ਸਕੂਲ ਆਫ਼ ਅਪਲਾਇਡ ਲਰਨਿੰਗ) ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਦਰਵਾਜ਼ੇ ਖੁੱਲ੍ਹਣਗੇ। ਇਸ ਫੈਸਲੇ ਮੁਤਾਬਕ ਸੂਬੇ ਵਿਚ ਤਕਰੀਬਨ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿਚ ਬੈਂਕਿੰਗ, ਵਿੱਤੀ ਸੇਵਾਵਾਂ ਅਤੇ ਬੀਮਾ, ਡਿਜੀਟਲ ਡਿਜ਼ਾਇਨ ਤੇ ਡਿਵੈਲਪਮੈਂਟ, ਬਿਊਟੀ ਤੇ ਵੈਲਨੈੱਸ ਤੇ ਸਿਹਤ ਸੰਭਾਲ ਵਿਗਿਆਨਾਂ ਤੇ ਸਰਵਿਸਜ਼ ਖ਼ੇਤਰਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ (ਪ੍ਰੋਫੈਸ਼ਨਲਿਜ਼ਮ, ਸੀ.ਵੀ. ਕ੍ਰਿਏਸ਼ਨ, ਸਾਫਟ ਸਕਿੱਲਜ਼ ਤੇ ਪ੍ਰੋਫੈਸ਼ਨਲ ਡਿਵੈਲਪਮੈਂਟ) ਅਤੇ ਰੋਜ਼ਾਨਾ ਜੀਵਨ ਵਿਚ ਤਕਨਾਲੋਜੀ (ਈ-ਮੇਲ ਰਾਈਟਿੰਗ, ਕ੍ਰਿਏਟਿੰਗ ਵਰਕ ਪਲਾਨ ਅਤੇ ਡਿਜੀਟਲ ਟੂਲਜ਼ ਦੀ ਵਰਤੋਂ) ਬਾਰੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ।