ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਮੰਡੀਆਂ ਵਿਚ ਲੋਡਿੰਗ ਦਾ ਕੰਮ ਕਰਨ ਵਾਲੇ ਮਜ਼ਦੂਰ ਵੀ ਖਰੀਦ ਪ੍ਰਕਿਰਿਆ ਦਾ ਅਹਿਮ ਹਿੱਸਾ ਹਨ ਅਤੇ ਇਸ ਲਈ ਉਨ੍ਹਾਂ ਦੀ ਮਜ਼ਦੂਰੀ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦੇ ਸਨ, ਜਿਸਨੂੰ 41 ਪੈਸੇ ਵਧਾ ਕੇ 2.21 ਰੁਪਏ ਪ੍ਰਤੀ ਬੋਰੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਮਜ਼ਦੂਰੀ ਦਰਾਂ ਵਿਚ 43 ਪੈਸੇ ਦਾ ਹੋਰ ਵਾਧਾ ਕਰਨ ਦੇ ਨਾਲ ਇਕ ਸਾਲ ਅੰਦਰ ਮਜ਼ਦੂਰੀ ਦਰਾਂ ਵਿਚ ਕੁੱਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਕੁੱਲ 10 ਕਰੋੜ ਰੁਪਏ ਦਾ ਲਾਭ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਕਦਮ ਮਜ਼ਦੂਰ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਠੋਸ ਸਬੂਤ ਹੈ।
ਭੰਡਾਰਨ ਸਮਰੱਥਾ ਦੇ ਸਬੰਧ ਵਿਚ ਕਟਾਰੂਚੱਕ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ਵਿਚ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਢੁਕਵੀਂ ਭੰਡਾਰਨ ਸਮਰੱਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਇਸ ਮੁੱਦੇ ‘ਤੇ ਕੋਈ ਮੁਸ਼ਕਿਲ ਨਾ ਆਉਣ ਦਾ ਭਰੋਸਾ ਦਿੱਤਾ ਗਿਆ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸੂਬੇ 2676 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਵਿਚ 1864 ਨਿਯਮਤ ਅਤੇ 812 ਆਰਜ਼ੀ ਹਨ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 4.19 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਕਣਕ ਆ ਚੁੱਕੀ ਹੈ ਅਤੇ ਇਸ ਵਿਚੋਂ 3.22 ਐੱਲ.ਐੱਮ.ਟੀ. ਕਣਕ ਖਰੀਦੀ ਜਾ ਚੁੱਕੀ ਹੈ ਜੋ ਕਿ 76 ਫੀਸਦ ਬਣਦੀ ਹੈ। ਇਸਦੇ ਨਾਲ ਹੀ ਐੱਮ.ਐੱਸ.ਪੀ. ਦੇ ਸਬੰਧ ਵਿਚ 151 ਕਰੋੜ ਰੁਪਏ ਦਾ ਭੁਗਤਾਨ ਵੀ ਕਿਸਾਨਾਂ ਦੇ ਖਾਤਿਆਂ ਵਿਚ ਹੋ ਚੁੱਕਾ ਹੈ।