ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਤੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ‘ਤੇ ਵੱਡਾ ਫ਼ੈਸਲਾ ਲਿਆ ਗਿਆ ਹੈ। ਫਿਲਹਾਲ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਅੰਤ੍ਰਿੰਗ ਕਮੇਟੀ ਨੇ ਨਾ ਮਨਜ਼ੂਰ ਕੀਤਾ ਹੈ। ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ।
ਅੰਤ੍ਰਿੰਗ ਕਮੇਟੀ ਵਿਚ ਫ਼ੈਸਲਾ ਲਿਆ ਗਿਆ ਹੈਰ ਕਿ ਹਰਜਿੰਦਰ ਸਿੰਘ ਧਾਮੀ ਨਾਲ ਅੰਤ੍ਰਿੰਗ ਕਮੇਟੀ ਦਾ ਵਫ਼ਦ ਮੁਲਾਕਾਤ ਕਰੇਗਾ। 5 ਮੈਂਬਰੀ ਕਮੇਟੀ ਧਾਮੀ ਨਾਲ ਮੁਲਾਕਾਤ ਕਰਕੇ ਹਰਜਿੰਦਰ ਸਿੰਘ ਧਾਮੀ ਨੂੰ ਸੇਵਾਵਾਂ ਵਾਪਸ ਲੈਣ ਦੀ ਅਪੀਲ ਕਰੇਗੀ। ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਅਸੀਂ ਜਲਦੀ ਦੀ ਹੀ ਦੋ-ਤਿੰਨ ਦਿਨਾਂ ਵਿਚ ਮੁੜ ਤੋਂ ਮੀਟਿੰਗ ਕਰਾਂਗੇ, ਜਿਸ ਵਿਚ ਕੋਈ ਹੋਰ ਵੱਡਾ ਫ਼ੈਸਲਾ ਲਿਆ ਜਾਵੇਗਾ।
ਇਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 17 ਫਰਵਰੀ ਨੂੰ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵੱਲੋਂ 72 ਘੰਟਿਆਂ ਦੇ ਨੋਟਿਸ ’ਤੇ ਹੰਗਾਮੀ ਇਕੱਤਰਤਾ ਬੁਲਾਈ ਗਈ ਹੈ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਅਕਾਲੀ ਲੀਡਰਸ਼ਿਪ ਅਤੇ ਪੰਥਕ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਉਹ ਅਜੇ ਤੱਕ ਆਪਣੇ ਫ਼ੈਸਲੇ ’ਤੇ ਅੜੇ ਹੋਏ ਹਨ।