ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ। ਇੱਥੇ ਐੱਮ.ਸੀ. ਭਵਨ ਵਿਖੇ ਪੁਰਸਕਾਰ ਵੰਡ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹਰੇਕ ਪ੍ਰਾਇਮਰੀ ਸਕੂਲ ਨੂੰ 2.5 ਲੱਖ ਰੁਪਏ, ਹਰੇਕ ਮਿਡਲ ਸਕੂਲ ਨੂੰ 5 ਲੱਖ ਰੁਪਏ, ਹਰੇਕ ਹਾਈ ਸਕੂਲ ਨੂੰ 7.5 ਲੱਖ ਰੁਪਏ ਅਤੇ ਹਰੇਕ ਸੀਨੀਅਰ ਸੈਕੰਡਰੀ ਸਕੂਲਾਂ ਨੂੰ 10 ਲੱਖ ਰੁਪਏ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਚੋਣ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ, ਜੋ ਸਖ਼ਤ ਮਾਪਦੰਡਾਂ ਜਿਵੇਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਹਾਜ਼ਰੀ, ਕਮਿਊਨਿਟੀ ਭਾਗੀਦਾਰੀ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ‘ਤੇ ਕੇਂਦ੍ਰਿਤ ਹੈ।
ਸਾਰੇ ਪੁਰਸਕਾਰ ਜੇਤੂ ਸਕੂਲਾਂ ਨੂੰ ਦਿਲੋਂ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿਚ ਉੱਤਮਤਾ ਹਾਸਲ ਕਰਨ ਲਈ ਹੋਰਨਾਂ ਸਕੂਲਾਂ ਵਾਸਤੇ ਰੋਲ ਮਾਡਲ ਸਾਬਤ ਹੋਣਗੇ। ਉਨ੍ਹਾਂ ਸਕੂਲ ਮੁਖੀਆਂ ਨੂੰ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਲਿਆਂਦੀ ਗਈ ਵਿੱਦਿਅਕ ਕ੍ਰਾਂਤੀ ਵਿਚ ਤਬਦੀਲੀ ਦੇ ਉਤਪ੍ਰੇਰਕ ਵਜੋਂ ਕੰਮ ਕਰਨ ਲਈ ਵੀ ਕਿਹਾ। ਉਨ੍ਹਾਂ ਪੁਰਸਕਾਰ ਜੇਤੂ ਸਕੂਲਾਂ ਦੇ ਮੁਖੀਆਂ ਅਤੇ ਸਮੁੱਚੇ ਸਕੂਲ ਸਟਾਫ਼ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ