ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਮੁਖੀ ਨੂੰ ਬਰੀ ਕਰ ਦਿੱਤਾ ਹੈ। ਇਸ ਫੈਸਲੇ ਦੀ ਪੁਸ਼ਟੀ ਡੇਰਾ ਮੁਖੀ ਦੇ ਵਕੀਲ ਜਤਿੰਦਰ ਖੁਰਾਣਾ ਨੇ ਸ਼ਨੀਵਾਰ ਨੂੰ ਕੀਤੀ।
7 ਸਾਲਾਂ ਬਾਅਦ ਆਇਆ ਹਾਈ ਕੋਰਟ ਦਾ ਫੈਸਲਾ
ਦੱਸ ਦੇਈਏ ਕਿ ਸਾਲ 2019 ਵਿੱਚ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਰਾਮ ਰਹੀਮ ਅਤੇ ਤਿੰਨ ਹੋਰਾਂ ਨੂੰ ਇਸ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ, ਜਿਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅੱਜ ਡੇਰਾ ਮੁਖੀ ਨੂੰ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਹੈ। ਭਾਵੇਂ ਹਾਈ ਕੋਰਟ ਨੇ ਕਤਲ ਕੇਸ ਵਿੱਚ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ ਪਰ ਉਹ ਅਜੇ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਡੇਰਾ ਮੁਖੀ ਆਪਣੀਆਂ ਦੋ ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਹਨ, ਜਿਸ ਵਿੱਚ ਉਨ੍ਹਾਂ ਨੂੰ 2017 ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਫਿਲਹਾਲ ਉਹ ਹਰਿਆਣਾ ਦੀ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਵਿੱਚ ਬੰਦ ਹਨ।
ਕੀ ਸੀ ਪੂਰਾ ਮਾਮਲਾ?
ਪੱਤਰਕਾਰ ਰਾਮ ਚੰਦਰ ਛੱਤਰਪਤੀ ‘ਤੇ ਅਕਤੂਬਰ 2002 ਵਿੱਚ ਸਿਰਸਾ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ। ਦਰਅਸਲ, ਛੱਤਰਪਤੀ ਨੇ ਆਪਣੇ ਅਖ਼ਬਾਰ ‘ਪੂਰਾ ਸੱਚ’ ਵਿੱਚ ਇੱਕ ਗੁਮਨਾਮ ਚਿੱਠੀ ਛਾਪੀ ਸੀ, ਜਿਸ ਵਿੱਚ ਡੇਰਾ ਸੱਚਾ ਸੌਦਾ ਦੇ ਮੁੱਖ ਦਫਤਰ ਵਿੱਚ ਮਹਿਲਾ ਪੈਰੋਕਾਰਾਂ ਦੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ ਗਏ ਸਨ। ਇਸੇ ਰੰਜਿਸ਼ ਕਾਰਨ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।

