ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇਕ ਵੱਡਾ ਕਦਮ ਚੁੱਕਦਿਆਂ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਉਨ੍ਹਾਂ ਦੇ ਆਉਣ-ਜਾਣ ਲਈ ਬਹੁਤ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਾਸੀਆਂ ਲਈ ਬਹੁਤ ਲਾਹੇਵੰਦ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੀ ਉਸਾਰੀ ਦੀ ਲੋੜ ‘ਤੇ ਜ਼ੋਰ ਦਿੱਤਾ ਕਿਉਂਕਿ 6 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਇਨ੍ਹਾਂ ‘ਚੋਂ ਬਹੁਤੀਆਂ ਸੜਕਾਂ ਨੂੰ ਅਣਦੇਖਿਆ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਤਰਜੀਹੀ ਤੌਰ ‘ਤੇ ਸ਼੍ਰੇਣੀਬੱਧ ਕਰਕੇ ਉਸਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਲੋੜ ਅਤੇ ਤਰਜੀਹ ਦੇ ਆਧਾਰ ‘ਤੇ ਉਸਾਰੀ ਲਈ ਜ਼ਮੀਨੀ ਪੱਧਰ ‘ਤੇ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ‘ਤੇ ਇਕ-ਇਕ ਪੈਸਾ ਪੂਰੀ ਸਮਝਦਾਰੀ ਨਾਲ ਖਰਚਿਆ ਜਾਵੇ।