ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵਰਕਿੰਗ ਕਮੇਟੀ ਨੇ ਵੱਡਾ ਫ਼ੈਸਲਾ ਲਿਆ ਹੈ। ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਅੱਜ ਇੱਥੇ ਵਰਕਿੰਗ ਕਮੇਟੀ ਦੀ ਬੈਠਕ ਹੋਈ ਸੀ, ਜਿਸ ‘ਚ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਵਰਕਿੰਗ ਕਮੇਟੀ ਵਲੋਂ ਸੁਖਬੀਰ ਬਾਦਲ ਦਾ ਪ੍ਰਧਾਨ ਦੀ ਸੇਵਾ ਨਿਭਾਉਣ ਲਈ ਧੰਨਵਾਦ ਕੀਤਾ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਜਦੋਂ ਤੱਕ ਨਵਾਂ ਪ੍ਰਧਾਨ ਨਹੀਂ ਚੁਣਿਆ ਜਾਂਦਾ, ਉਸ ਸਮੇਂ ਤੱਕ ਬਲਵਿੰਦਰ ਸਿੰਘ ਭੂੰਦੜ ਹੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਰਹਿਣਗੇ।
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਪਹਿਲਾਂ ਹੀ ਆਪਣਾ ਅਸਤੀਫ਼ਾ ਵਰਕਿੰਗ ਕਮੇਟੀ ਨੂੰ ਸੌਂਪ ਚੁੱਕੇ ਸਨ ਅਤੇ ਬੀਤੀ 14 ਦਸੰਬਰ ਨੂੰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਸੀ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰਨ ਦੇ ਹੁਕਮ ਜਾਰੀ ਕੀਤੇ ਸਨ। ਹੁਣ 42 ਦਿਨਾਂ ਬਾਅਦ ਅਕਾਲੀ ਦਲ ਨੇ ਉਨ੍ਹਾਂ ਹੁਕਮਾਂ ‘ਤੇ ਕਾਰਵਾਈ ਕੀਤੀ ਅਤੇ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦੌਰਾਨ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ।