ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੌਸਮ ਕੂਲ-ਕੂਲ ਬਣਿਆ ਹੋਇਆ ਹੈ ਅਤੇ ਕਾਲੇ ਬੱਦਲ ਛਾਏ ਹੋਏ ਹਨ। ਬੀਤੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੋਈ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਅਤੇ 14-15 ਜੁਲਾਈ ਲਈ ਮੌਸਮ ਸੰਬਧੀ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਜਦੋਂ ਕਿ 16 ਜੁਲਾਈ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 16 ਜੁਲਾਈ ਨੂੰ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦਿਨ ਲਈ ਵਿਭਾਗ ਨੇ ਪੂਰੇ ਪੰਜਾਬ ‘ਚ ਯੈਲੋ ਅਲਰਟ ਜਾਰੀ ਕੀਤਾ ਹੈ। 16 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਸ ਦਿਨ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ ‘ਚ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਜ਼ਿਲ੍ਹਾ ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐੱਸ. ਏ. ਐੱਸ. ਨਗਰ, ਰੂਪਨਗਰ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਸ਼ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।