ਚੰਡੀਗੜ੍ਹ : ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐੱਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿਚ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਾਰੀਖ਼ ਛੇ ਮਹੀਨੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐੱਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ।
ਮੁੰਡੀਆਂ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐੱਨ.ਓ.ਸੀ. ਦੀ ਸ਼ਰਤ ਨੂੰ ਖ਼ਤਮ ਕੀਤਾ ਗਿਆ ਸੀ। ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ ‘ਤੇ ਰੋਕ ਲਗਾਉਣਾ ਹੈ।