Saturday, May 17, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ...

ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ

 

ਚੰਡੀਗੜ੍ਹ, 16 ਮਈ:

ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਜੇਲ੍ਹਾਂ ਦਾ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਉਣ ਲਈ, ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਧਾਰਿਤ ਅਤਿ-ਆਧੁਨਿਕ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵਿਭਿੰਨ ਗਤੀਵਿਧੀਆਂ ‘ਤੇ 24×7 ਨਿਗਰਾਨੀ ਰੱਖੀ ਜਾ ਸਕੇਗੀ।

ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੂਪਨਗਰ ਅਤੇ ਕਪੂਰਥਲਾ ਦੀਆਂ ਸੈਂਟਰਲ ਜੇਲ੍ਹਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਪੰਜਾਬ ਦੀਆਂ ਜੇਲ੍ਹਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਜੇਲ੍ਹ ਮੰਤਰੀ ਨੇ ਜੇਲ੍ਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਜਾਂ ਕੈਦੀ ਜੇਲ੍ਹ ਵਿੱਚ ਨਸ਼ਾ ਕਰਦਾ ਜਾਂ ਨਸ਼ਾ ਸਪਲਾਈ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਲ੍ਹ ਵਿੱਚ ਨਸ਼ੇ, ਮੋਬਾਈਲ ਫੋਨਾਂ ਅਤੇ ਹੋਰ ਕੋਈ ਵੀ ਇਤਰਾਜ਼ਯੋਗ ਸਮੱਗਰੀ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਦੀ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਡਿਊਟੀ ‘ਚ ਕੁਤਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸੂਬੇ ਦੀਆਂ ਜੇਲ੍ਹਾਂ ਵਿੱਚੋਂ ਅਪਰਾਧਿਕ ਗਤੀਵਿਧੀਆਂ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ. ਭੁੱਲਰ ਨੇ ਕਿਹਾ ਕਿ ਛੇਤੀ ਹੀ ਸੂਬੇ ਦੀਆਂ ਸਮੁੱਚੀਆਂ ਜੇਲ੍ਹਾਂ ਵਿੱਚ ਜੈਮਰ ਲਗਾਏ ਜਾ ਰਹੇ ਹਨ, ਇਸ ਸਬੰਧੀ ਮੁੱਖ ਮੰਤਰੀ ਦੀ ਪ੍ਰਵਾਨਗੀ ਮਿਲਣ ਮਗਰੋਂ ਸਮੁੱਚੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।
ਮੰਤਰੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਸੰਗਰੂਰ ਜੇਲ ਦੇ ਵਿੱਚ ਵੀ ਜਿਹੜੇ ਅਧਿਕਾਰੀ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਸਨ, ਉਨ੍ਹਾਂ ‘ਤੇ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਸੂਬੇ ਦੇ ਸਮੁੱਚੇ ਜੇਲ੍ਹ ਅਮਲੇ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਲਈ ਕਿਹਾ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੈਦੀਆਂ ਨੂੰ ਸਮਾਜ ਵਿੱਚ ਉਸਾਰੂ ਨਾਗਰਿਕ ਵਜੋਂ ਮੁੜ ਜੋੜਨ ਲਈ ਵੀ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਜੇਲ੍ਹ ਦੀ ਵਿਸਤਾਰ ਪੂਰਵਕ ਚੈਕਿੰਗ ਕਰਦਿਆਂ ਕੈਦੀਆਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਸ. ਭੁੱਲਰ ਨੇ ਮਹਿਲਾ ਕੈਦੀਆਂ  ਸਮੇਤ ਦੂਜੇ ਕੈਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕੈਦੀਆਂ ਵੱਲੋਂ ਕਪੂਰਥਲਾ ਜੇਲ੍ਹ ਫੈਕਟਰੀ ‘ਚ ਤਿਆਰ ਕੀਤਾ ਸਮਾਨ ਵੀ ਵੇਖਿਆ ਅਤੇ ਜੇਲ੍ਹ ‘ਚ ਤਿਆਰ ਕੀਤੇ ਸਪੋਰਟਸ ਸਟੇਡੀਅਮ ਦਾ ਉਦਘਾਟਨ ਵੀ ਕੀਤਾ।