ਚੰਡੀਗੜ੍ਹ/ਜਲੰਧਰ/ਪਟਿਆਲਾ –ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੰਜਾਬ ਪੁਲਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਕਾਰਕੁੰਨਾਂ, ਜੋ ਪਟਿਆਲਾ ਦੇ ਬਾਦਸ਼ਾਹਪੁਰ ਅਤੇ ਹਰਿਆਣਾ ਦੇ ਅਜ਼ੀਮਗੜ੍ਹ ਵਿਖੇ ਪੁਲਸ ਚੌਕੀਆਂ ’ਤੇ ਗ੍ਰੇਨੇਡ ਹਮਲਿਆਂ ’ਚ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਆਪ੍ਰੇਸ਼ਨ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.), ਐੱਸ. ਏ. ਐੱਸ. ਨਗਰ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਬਾਦਸ਼ਾਹਪੁਰ (ਪਟਿਆਲਾ), ਹਰਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਹਰਚੰਦਪੁਰਾ (ਪਟਿਆਲਾ) ਅਤੇ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਗੁਰਦਿਆਲਪੁਰਾ (ਪਟਿਆਲਾ) ਵਜੋਂ ਹੋਈ ਹੈ। ਦੱਸਣਯੋਗ ਹੈ ਕਿ 1 ਅਪ੍ਰੈਲ 2025 ਨੂੰ ਪਟਿਆਲਾ ਦੀ ਪੁਲਸ ਚੌਕੀ ਬਾਦਸ਼ਾਹਪੁਰ ਅਤੇ 6 ਅਪ੍ਰੈਲ 2025 ਨੂੰ ਹਰਿਆਣਾ ਦੀ ਪੁਲਸ ਚੌਕੀ ਅਜ਼ੀਮਗੜ੍ਹ ’ਤੇ ਗ੍ਰੇਨੇਡ ਹਮਲੇ ਹੋਏ ਸਨ। ਇਨ੍ਹਾਂ ਘਟਨਾਵਾਂ ਤੋਂ ਬਾਅਦ ਬੀ. ਕੇ. ਆਈ. ਦੇ ਕਾਰਕੁੰਨਾਂ-ਹੈਪੀ ਪਾਸੀਆ, ਮਨੂੰ ਅਗਵਾਨ ਅਤੇ ਗੋਪੀ ਨਵਾਂਸ਼ਹਿਰੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਸੀ।