ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਬਿਆਨਬਾਜ਼ੀ ਜਾਰੀ ਹੈ। ਚੋਣ ਕਮਿਸ਼ਨ ਅਜਿਹੇ ਮਾਮਲਿਆਂ ‘ਤੇ ਲਗਾਤਾਰ ਕਾਰਵਾਈ ਕਰ ਰਿਹਾ ਹੈ। ਇਸ ਦੌਰਾਨ ਚੋਣ ਕਮਿਸ਼ਨ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨਿਰਦੇਸ਼ ਦਿੱਤੇ ਹਨ। ਦੋਵਾਂ ਆਗੂਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸਟਾਰ ਪ੍ਰਚਾਰਕਾਂ ਨੂੰ ਕੋਈ ਵੀ ਬਿਆਨ ਦੇਣ ਵੇਲੇ ਸਾਵਧਾਨੀ ਵਰਤਣ ਅਤੇ ਮਰਿਆਦਾ ਬਰਕਰਾਰ ਰੱਖਣ ਦੇ ਨਿਰਦੇਸ਼ ਦੇਣ।
ਦਰਅਸਲ ਚੋਣ ਕਮਿਸ਼ਨ ਨੇ ਇਹ ਹੁਕਮ ਚੋਣ ਪ੍ਰਚਾਰ ਦੇ ਡਿੱਗਦੇ ਪੱਧਰ ਦੇ ਮੱਦੇਨਜ਼ਰ ਦਿੱਤੇ ਹਨ। ਕਮਿਸ਼ਨ ਨੇ ਜਾਤੀ, ਭਾਈਚਾਰੇ, ਭਾਸ਼ਾ ਅਤੇ ਧਰਮ ਦੇ ਆਧਾਰ ‘ਤੇ ਪ੍ਰਚਾਰ ਕਰਨ ਲਈ ਭਾਜਪਾ ਅਤੇ ਕਾਂਗਰਸ ਦੋਵਾਂ ਦੀ ਨਿੰਦਾ ਕੀਤੀ ਹੈ। ਕਮਿਸ਼ਨ ਨੇ ਭਾਜਪਾ ਨੂੰ ਹਦਾਇਤ ਕੀਤੀ ਹੈ ਕਿ ਪਾਰਟੀ ਆਗੂਆਂ ਨੂੰ ਆਪਣੇ ਭਾਸ਼ਣਾਂ ਦੌਰਾਨ ਧਾਰਮਿਕ ਅਤੇ ਫਿਰਕੂ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਸਮਾਜ ਨੂੰ ਵੰਡਣ ਵਾਲੇ ਬਿਆਨਾਂ ਤੋਂ ਬਚਣ ਲਈ ਵੀ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਕਾਂਗਰਸੀ ਆਗੂਆਂ ਨੂੰ ਬੇਬੁਨਿਆਦ ਬਿਆਨ ਨਾ ਦੇਣ ਲਈ ਕਿਹਾ ਹੈ। ਮੁੱਖ ਤੌਰ ‘ਤੇ ਸੰਵਿਧਾਨ ਨੂੰ ਖਤਮ ਕਰਨ ਅਤੇ ਅਗਨੀਵੀਰ ਯੋਜਨਾ ਨੂੰ ਖਤਮ ਕਰਨ ਸਬੰਧੀ ਬਿਆਨਬਾਜ਼ੀ ਨਾ ਕਰਨ ਦੇ ਹੁਕਮ ਦਿੱਤੇ ਗਏ ਹਨ। ਕਾਂਗਰਸ ਦੇ ਪ੍ਰਚਾਰਕਾਂ ਅਤੇ ਉਮੀਦਵਾਰਾਂ ਨੂੰ ਸੁਰੱਖਿਆ ਬਲਾਂ ‘ਤੇ ਰਾਜਨੀਤੀ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ। ਨਾਲ ਹੀ ਰੱਖਿਆ ਬਲਾਂ ਦੇ ਸਮਾਜਿਕ ਅਤੇ ਆਰਥਿਕ ਢਾਂਚੇ ਨੂੰ ਲੈ ਕੇ ਫੁੱਟ ਪਾਊ ਭਾਸ਼ਣ ਨਾ ਦੇਣ ਦੇ ਹੁਕਮ ਦਿੱਤੇ ਗਏ ਹਨ।