: ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਦੇ ਸਨਮਾਨ ਸਬੰਧੀ ਕੀਤੀ ਗਈ ਟਿੱਪਣੀ ਨੇ ਪੂਰੇ ਸਿੱਖ ਸਮਾਜ ਹੀ ਨਹੀਂ ਸਗੋਂ ਦੇਸ਼ ਭਰ ਵਿਚ ਤਿਖ਼ਾ ਰੋਹ ਪੈਦਾ ਕਰ ਦਿੱਤਾ ਹੈ। ਇਸ ਬਿਆਨ ਨੂੰ ਅਪਮਾਨਜਨਕ ਅਤੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੰਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ ਬੱਧਨੀ ਕਲਾ ਵਿਚ ਰੋਸ ਪ੍ਰਦਰਸ਼ਨ ਕਰਕੇ ਆਤਿਸ਼ੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਐੱਸ. ਪੀ. ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਦਿੱਤਾ ਗਿਆ ਬਿਆਨ ਉਸਦੀ ਘੋਰ ਅਗਿਆਨਤਾ ਅਤੇ ਘਟੀਆ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੇ ਬਲਿਦਾਨ ਉਪਦੇਸ਼ ਮਰਿਆਦਾ ਅਤੇ ਸਤਿਕਾਰ ਸਿੱਖ ਕੌਮ ਲਈ ਲਕੀਰਾਂ ਹਨ ਅਤੇ ਇਨ੍ਹਾਂ ਨੂੰ ਲੰਘਣ ਦੀ ਹਿੰਮਤ ਕਿਸੇ ਨੂੰ ਵੀ ਨਹੀਂ ਕਰਨੀ ਚਾਹੀਦੀ।ਉਨ੍ਹਾਂ ਦੋਸ਼ ਲਾਇਆ ਕਿ ਆਤਿਸ਼ੀ ਦਾ ਇਹ ਬੇਤੁੱਕਾ ਅਤੇ ਭੜਕਾਉਂਦਾ ਬਿਆਨ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਕੇ ਸਿਆਸੀ ਲਾਭ ਲੈਣ ਦੀ ਨਿੰਦਣਯੋਗ ਕੋਸ਼ਿਸ਼ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਮਾਮਲੇ ’ਤੇ ਚੁੱਪੀ ਸਾਧਣਾ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਅਜਿਹੀ ਸੋਚ ਨੂੰ ਮੌਨ ਸਮਰਥਨ ਦੇ ਰਹੀ ਹੈ ਜੋ ਕਿਸੇ ਵੀ ਸੂਰਤ ਕਬੂਲਯੋਗ ਨਹੀਂ। ਐੱਸ. ਪੀ. ਮੁਖਤਿਆਰ ਸਿੰਘ ਸੰਧੂ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਤੁਰੰਤ ਆਤਿਸ਼ੀ ਖ਼ਿਲਾਫ਼ ਕਾਰਵਾਈ ਕਰੇ ਅਤੇ ਉਹ ਜਨਤਕ ਤੌਰ ’ਤੇ ਬਿਨਾਂ ਕਿਸੇ ਸ਼ਰਤ ਸਿੱਖ ਕੌਮ ਤੋਂ ਮਾਫ਼ੀ ਮੰਗੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਇਹ ਸਮਝਿਆ ਜਾਵੇਗਾ ਕਿ ਪਾਰਟੀ ਇਸ ਘਿਨੌਣੇ ਬਿਆਨ ਨਾਲ ਸਹਿਮਤ ਹੈ।

