ਫ਼ਤਹਿਗੜ੍ਹ ਸਾਹਿਬ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਨੇ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਜੀਵਨ ਗੁਪਤਾ ਮੂਲ ਤੌਰ ‘ਤੇ ਫ਼ਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਤੋਂ ਹਨ। ਅੱਜ ਆਪਣੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜੀਵਨ ਗੁਪਤਾ ਆਪਣੇ ਜੱਦੀ ਸ਼ਹਿਰ ਬੱਸੀ ਪਠਾਣਾ ਵਿਖੇ ਮੱਥਾ ਟੇਕਣ ਪਹੁੰਚੇ।
ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਉਮੀਦਵਾਰ ਐਲਾਨਣ ‘ਤੇ ਪਾਰਟੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਬੱਸੀ ਪਠਾਣਾ ‘ਚ ਉਨ੍ਹਾਂ ਨੂੰ ਬਹੁਤ ਪਿਆਰ ਮਿਲਦਾ ਹੈ। ਦੱਸ ਦਈਏ ਕਿ ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦੇਹਾਂਤ ਤੋਂ ਬਾਅਦ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇੱਥੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।