ਚੰਡੀਗੜ੍ਹ ਪੰਜਾਬ ਦੀਆਂ 5 ਨਗਰ ਨਿਗਮਾਂ ਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਹੋਣ ਜਾ ਰਹੀਆਂ ਚੋਣਾਂ ਸਬੰਧੀ ਪੰਜਾਬ ਭਾਜਪਾ ਨੇ ਵੀ ਤਿਆਰੀ ਖਿੱਚ ਲਈ ਹੈ। ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸੀਨੀਅਰ ਨੇਤਾਵਾਂ ਤੋਂ ਉਨ੍ਹਾਂ ਦੇ ਇਲਾਕੇ ਸਬੰਧੀ ਜਾਣਕਾਰੀ ਲਈ ਗਈ। ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਗਈ ਅਤੇ ਪੰਜਾਬ ਦੇ ਖ਼ਾਸ ਮੁੱਦਿਆਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਗਏ।
ਇਸ ਤੋਂ ਇਲਾਵਾ ਪੰਜਾਬ ਭਾਜਪਾ ਦੇ ਇੰਚਾਰਜ ਵਿਜੈ ਰੁਪਾਣੀ ਨੇ ਪਾਰਟੀ ਵਰਕਰਾਂ ਤੋਂ ਚੋਣਾਂ ਸਬੰਧੀ ਸੁਝਾਅ ਮੰਗੇ। ਜਾਣਕਾਰੀ ਅਨੁਸਾਰ ਮੀਟਿੰਗ ’ਚ ਪਾਰਟੀ ਵੱਲੋਂ ਨਗਰ ਨਿਗਮਾਂ, ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਗਏ ਪਾਰਟੀ ਇੰਚਾਰਜਾਂ ਨੂੰ ਬੁਲਾਇਆ ਗਿਆ ਸੀ। ਇਸ ਦੌਰਾਨ ਚੋਣਾਂ ਲਈ ਉਮੀਦਵਾਰਾਂ ਦੇ ਨਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਪਾਰਟੀ ਲੀਡਰਸ਼ਿਪ ਵੱਲੋਂ ਆਪਣੇ ਆਗੂਆਂ ਨੂੰ ਬੂਥ ਪੱਧਰ ਤੱਕ ਬਿਹਤਰ ਚੋਣ ਪ੍ਰਬੰਧਨ ਲਈ ਪਾਰਟੀ ਵਰਕਰਾਂ ਨੂੰ ਬਣਦੀਆਂ ਡਿਊਟੀਆਂ ਅਲਾਟ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ।