ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਭਾਜਪਾ ਸਰਕਾਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੂੰ ਘੇਰਿਆ ਹੈ। ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ‘ਤੇ ਪਰਾਲੀ ਸਾੜਨ ਦੀਆਂ ਤਸਵੀਰਾਂ ਅਤੇ ਐੱਫਆਈਆਰ ਨਾਲ ਜੁੜੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ।
ਸਿਰਸਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪੁਲਿਸ ਦੀ ਮੌਜੂਦਗੀ ਦੇ ਬਾਵਜੂਦ ਖੇਤਾਂ ਵਿੱਚ ਪਰਾਲੀ ਸਾੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ AAP ਸਰਕਾਰ ਵਿੱਚ ਹਰ ਮਾਮਲੇ ਵਿੱਚ ਗਠਜੋੜ ਕੰਮ ਕਰ ਰਿਹਾ ਹੈ। ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਅਣਪਛਾਤੇ ਲੋਕਾਂ ਖ਼ਿਲਾਫ਼ ਦਰਜ ਕੀਤੀਆਂ ਜਾ ਰਹੀਆਂ ਐੱਫਆਈਆਰਜ਼ ਨੂੰ ਵੀ ਉਨ੍ਹਾਂ ਇਸ ਦੀ ਮਿਸਾਲ ਦੱਸਿਆ।
ਸਿਰਸਾ ਨੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਨੀਤੀ ਤੋਂ ਉੱਪਰ ਲੋਕਾਂ ਦੀ ਸਿਹਤ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੈਤਿਕ ਜ਼ਿੰਮੇਵਾਰੀ ਨਿਭਾਉਣ ਅਤੇ ਦਿੱਲੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਦਮ ਚੁੱਕਣ ਦੀ ਅਪੀਲ ਕੀਤੀ।
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਦੋਸ਼ਾਂ ਨੂੰ ਕੀਤਾ ਖਾਰਜ
ਦੂਜੇ ਪਾਸੇ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਜਪਾ ਆਗੂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਖਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ‘ਤੇ ਲਗਾਏ ਜਾ ਰਹੇ ਦੋਸ਼ ਸਹੀ ਨਹੀਂ ਹਨ। ਅਧਿਕਾਰੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਿਨਾਂ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ।
ਖੁੱਡੀਆਂ ਮੁਤਾਬਕ, ਸੂਬੇ ਵਿੱਚ ਪਰਾਲੀ ਪ੍ਰਬੰਧਨ ਸਬੰਧੀ 4 ਹਜ਼ਾਰ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਪ੍ਰਦੂਸ਼ਣ ਪੰਜਾਬ ਵਿੱਚ ਫੈਲਦਾ ਹੈ ਤਾਂ ਸਭ ਤੋਂ ਪਹਿਲਾਂ ਇੱਥੋਂ ਦੇ ਲੋਕ ਹੀ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਆਪਣੇ ਬੱਚਿਆਂ ਅਤੇ ਪਰਿਵਾਰ ਦੀ ਓਨੀ ਹੀ ਚਿੰਤਾ ਹੈ।
ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ 1.62 ਲੱਖ ਮਸ਼ੀਨਾਂ
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ 1 ਲੱਖ 62 ਹਜ਼ਾਰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਲਗਭਗ 40 ਫੀਸਦੀ ਪਰਾਲੀ ਦੀ ਵਰਤੋਂ ਉਦਯੋਗਾਂ ਅਤੇ ਪਸ਼ੂਆਂ ਦੇ ਚਾਰੇ ਵਜੋਂ ਕੀਤੀ ਜਾ ਰਹੀ ਹੈ।
ਜਦੋਂ ਖੁੱਡੀਆਂ ਨੂੰ ਪੁੱਛਿਆ ਗਿਆ ਕਿ ਦਿੱਲੀ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਹੈ, ਫਿਰ ਵੀ ਭਾਜਪਾ ਸਰਕਾਰ ਪੰਜਾਬ ‘ਤੇ ਦੋਸ਼ ਕਿਉਂ ਲਗਾ ਰਹੀ ਹੈ, ਤਾਂ ਉਨ੍ਹਾਂ ਕਿਹਾ ਕਿ ਭਾਵੇਂ ਦਿੱਲੀ ਵਿੱਚ AAP ਦੀ ਸਰਕਾਰ ਨਹੀਂ ਹੈ, ਪਰ ਉੱਥੇ ਰਹਿਣ ਵਾਲੇ ਲੋਕ ਤਾਂ ਆਪਣੇ ਹੀ ਹਨ।

