ਇੱਕ ਪਾਸੇ ਕਿਸਾਨ ਝੋਨੇ ਦੀ ਖਰੀਦ ਨੂੰ ਲੈ ਕੇ ਸੜਕਾਂ ’ਤੇ ਉੱਤਰੇ ਹਨ ਤਾਂ ਦੂਜੇ ਪਾਸੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ ਜ਼ੋਰ-ਸ਼ੋਰ ਨਾਲ ਚਲ ਰਿਹਾ ਹੈ। ਕੈਬਨਿਟ ਮੰਤਰੀ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਮਾਮਲੇ ਵਿਚ ਬਦਲਾ ਲੈਣ ਦੀ ਮਾਨਸਿਕਤਾ ਨਾਲ ਝੋਨੇ ਦੀ ਖਰੀਦ ਨੂੰ ਸਿੱਧੇ/ ਅਸਿੱਧੇ ਢੰਗ ਨਾਲ ਪ੍ਰਭਾਵਿਤ ਕੀਤਾ ਗਿਆ ਹੈ।
ਅੰਕੜਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 62065 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 59354 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਿਫਟਿੰਗ ਦਾ ਕਾਰਜ ਵੀ ਨਾਲ ਦੀ ਨਾਲ ਤੇਜ਼ੀ ਨਾਲ ਚਲ ਰਿਹਾ ਹੈ। ਰੂਪਨਗਰ ਜ਼ਿਲ੍ਹੇ ਦੀਆਂ ਨੰਗਲ ਅਤੇ ਸੂਰੇਵਾਲ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਰਿਕਾਰਡ ਖ਼ਰੀਦ ਅਤੇ ਚੁਕਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਅਗੰਮਪੁਰ, ਕੀਰਤਪੁਰ, ਭਰਤਗੜ੍ਹ, ਨੰਗਲ ਅਤੇ ਸੂਰੇਵਾਲ ਦੇ ਮੰਡੀਆਂ ਦੇ ਖ਼ਰੀਦ ਅਤੇ ਚੁਕਾਈ ਕਾਰਜਾਂ ਦਾ ਨਿਰੰਤਰ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦਾਅਵਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਤੋਂ ਮੰਡੀਆਂ ਵਿੱਚ ਤੈਅ ਸਮੇਂ ਵਿੱਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ।
ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਪ੍ਰੰਤੂ ਕੇਂਦਰ ਸਰਕਾਰ ਵੱਲੋਂ ਪਿਛਲੇ ਸੀਜ਼ਨਾਂ ਦੌਰਾਨ ਖਰੀਦੀਆਂ ਗਈਆਂ ਫਸਲਾਂ ਨੂੰ ਗੋਦਾਮਾਂ ਤੋਂ ਨਾ ਚੁੱਕਣ ਕਾਰਨ ਭੰਡਾਰਨ ਦੀ ਸਮਰੱਥਾ ਘਟ ਗਈ ਸੀ, ਜਿਸ ਕਾਰਨ ਝੋਨੇ ਦੀ ਖਰੀਦ ਅਤੇ ਚੁਕਾਈ ਸਬੰਧੀ ਕਾਰਜ ਪ੍ਰਭਾਵਿਤ ਹੋਏ।