ਬੈਂਗਲੁਰੂ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਬੈਂਗਲੁਰੂ ਵਿੱਚ ਹੋਣ ਵਾਲੇ ਕੰਸਰਟ ਤੋਂ ਪਹਿਲਾਂ ਬੰਬ ਧਮਾਕੇ ਦੀ ਧਮਕੀ ਮਿਲਣ ਕਾਰਨ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਕਰਨਾਟਕ ਦੇ ਧਾਰਵਾੜ ਪੁਲਿਸ ਕਮਿਸ਼ਨਰ ਨੂੰ ਭੇਜੀ ਗਈ ਇੱਕ ਈਮੇਲ ਵਿੱਚ ਕੰਸਰਟ ਦੌਰਾਨ IED ਧਮਾਕਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਧਮਕੀ ਭਰੀ ਈਮੇਲ ਵਿੱਚ ਖਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਵੀ ਲਿਖਿਆ ਗਿਆ ਹੈ। ਈਮੇਲ ਮੁਤਾਬਕ, 29 ਨਵੰਬਰ ਨੂੰ ਬੈਂਗਲੁਰੂ ਦੇ NICE ਰੋਡ ਗਰਾਊਂਡ (ਮਦਾਵਰਾ) ਵਿੱਚ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।
ਕੰਸਰਟ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਦਿੱਤੀ ਚਿਤਾਵਨੀ
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ, ਈਮੇਲ ਭੇਜਣ ਵਾਲੇ ਨੇ ਕੰਸਰਟ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਵੀ ਚਿਤਾਵਨੀ ਦਿੱਤੀ ਹੈ। ਇਸ ਵਿੱਚ ਲੋਕਾਂ ਨੂੰ ਬੱਚਿਆਂ ਨੂੰ ਨਾਲ ਨਾ ਲਿਆਉਣ, ਆਈਫੋਨ ਦਾ ਜਵਾਬ ਨਾ ਦੇਣ ਅਤੇ ਮੈਟਰੋ ਰਾਹੀਂ ਸਫ਼ਰ ਨਾ ਕਰਨ ਲਈ ਕਿਹਾ ਗਿਆ ਹੈ।
ਪੁਲਿਸ ਈਮੇਲ ਭੇਜਣ ਵਾਲੇ ਦੀ ਪਛਾਣ ਵਿੱਚ ਜੁਟੀ
ਪੁਲਿਸ ਵੱਲੋਂ ਧਮਕੀ ਭਰੀ ਈਮੇਲ ਦੀ ਸੱਚਾਈ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੇ ਯਤਨ ਵੀ ਕੀਤੇ ਜਾ ਰਹੇ ਹਨ।
ਫਿਲਹਾਲ ਦਿਲਜੀਤ ਦੋਸਾਂਝ ਦਾ ਕੰਸਰਟ ਰੱਦ ਹੋਣ ਜਾਂ ਇਸ ਦੀ ਤਰੀਕ ਬਦਲਣ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।

