ਚੰਡੀਗੜ੍ਹ : ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਆਈ. ਜੀ. ਸੁਖਚੈਨ ਸਿੰਘ ਗਿੱਲ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਆਈ. ਜੀ. ਨੇ ਆਖਿਆ ਹੈ ਕਿ ਹੁਣ ਤਕ 800 ਕਿਸਾਨਾਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਔਰਤਾਂ, ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ, ਜਿਨ੍ਹਾਂ ਨੂੰ ਕੋਈ ਸਿਹਤ ਸਮੱਸਿਆ ਹੈ ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇਗਾ।
ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਲਗਭਗ 450 ਕਿਸਾਨਾਂ ਨੂੰ ਅੱਜ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਚੋਰੀ ਹੋਏ ਸਮਾਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਸਖ਼ਤ ਰਵੱਈਆ ਹੈ। ਇਸ ਮਾਮਲੇ ਵਿਚ ਤਿੰਨ ਐੱਫ. ਆਈ. ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਜਸਬੀਰ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕਿਸਾਨ ਦੀ ਆਪਣੇ ਸਮਾਨ ਨੂੰ ਲੈ ਕੇ ਕੋਈ ਸ਼ਿਕਾਇਤ ਹੈ ਤਾਂ ਉਹ 9071300002 ‘ਤੇ ਫੋਨ ਕਰਕੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ।