ਹਰਿਆਣਾ ’ਚ ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਤਹਿਤ ਸੂਬੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਜਿਸ ਵਿੱਚ ਹਰਿਆਣਾ ਸਰਕਾਰ ਵੱਲੋਂ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸੇ ਤਹਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਹਿਸਾਰ ਜ਼ਿਲ੍ਹੇ ’ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਬੱਸ ਨੂੰ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਬੱਸ ਚ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਵੀ ਜਾਣਿਆ। ਇਸ ਦੌਰਾਨ ਗੱਲਬਾਤ ਕਰਦਿਆਂ ਸੀਐੱਮ ਸੈਣੀ ਨੇ ਕਿਹਾ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਲੋਕਾਂ ਦੀ ਭਲਾਈ ਲਈ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ ਵੀ ਇਸੇ ਦਾ ਇੱਕ ਹਿੱਸਾ ਹੈ। ਇਸ ਸਕੀਮ ਵਿੱਚ ਉਹ ਪਰਿਵਾਰ ਸ਼ਾਮਲ ਹਨ ਜਿਨ੍ਹਾਂ ਦੀ ਸਾਲਾਨਾ ਆਮਦਨ 1 ਲੱਖ 80 ਹਜ਼ਾਰ ਰੁਪਏ ਜਾਂ ਇਸ ਤੋਂ ਘੱਟ ਹੈ।